ਬਰਨਾਲਾ, 15 ਅਕਤੂਬਰ | ਪੰਚਾਇਤੀ ਚੋਣਾਂ ਦੀ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਸੀਨੀਅਰ ਕਾਂਸਟੇਬਲ ਲੱਖਾ ਸਿੰਘ (53) ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਿਚ ਤਾਇਨਾਤ ਸੀ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਵਾਲੇ ਵੀ ਬਰਨਾਲਾ ਦੇ ਹਸਪਤਾਲ ਪੁੱਜੇ। ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਕਾਂਸਟੇਬਲ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਅੱਜ ਸਵੇਰੇ ਪੰਚਾਇਤੀ ਚੋਣ ਡਿਊਟੀ ਦੌਰਾਨ ਕਾਂਸਟੇਬਲ ਲੱਖਾ ਸਿੰਘ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਉਹ ਤਰਨਤਾਰਨ ਜ਼ਿਲ੍ਹੇ ਦਾ ਵਸਨੀਕ ਹੈ। ਆਈ.ਆਰ.ਬੀ.ਪਟਿਆਲਾ ਦਾ ਪੁਲਿਸ ਕਾਂਸਟੇਬਲ ਬੀਤੇ ਦਿਨ ਬਰਨਾਲਾ ਵਿਖੇ ਚੋਣ ਡਿਊਟੀ ਕਰਨ ਆਇਆ ਸੀ, ਜੋ ਬਰਨਾਲਾ ਦੇ ਪਿੰਡ ਢਿਲਵਾਂ ਦੇ ਪੋਲਿੰਗ ਬੂਥ ‘ਤੇ ਡਿਊਟੀ ‘ਤੇ ਸੀ। ਜਿੱਥੇ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।
ਮ੍ਰਿਤਕ ਕਾਂਸਟੇਬਲ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਵੱਲੋਂ ਪਰਿਵਾਰ ਦੀ ਆਰਥਿਕ ਅਤੇ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੌਰਾਨ ਪਿੰਡ ਢਿੱਲਵਾਂ ਦੇ ਪੋਲਿੰਗ ਬੂਥ ’ਤੇ ਡਿਊਟੀ ਦੌਰਾਨ ਉਸ ਦੇ ਪਿਤਾ ਲੱਖਾ ਸਿੰਘ ਦੀ ਸਿਹਤ ਵਿਗੜ ਗਈ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।