ਦਿੱਲੀ। ਨਿਰਭਯਾ ਵਰਗੀ ਬੇਰਹਿਮੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ 12 ਸਾਲ ਦੇ ਬੱਚੇ ਨਾਲ 4 ਲੋਕਾਂ ਨੇ ਪਹਿਲਾਂ ਕੁਕਰਮ ਕੀਤਾ, ਉਸ ਦੇ ਪ੍ਰਾਈਵੇਟ ਪਾਰਟ ਵਿੱਚ ਡੰਡਾ ਵਾੜਿਆ ਤੇ ਫਿਰ ਬੁਰੀ ਤਰ੍ਹਾਂ ਡੰਡਿਆਂ ਤੇ ਇੱਟਾਂ ਨਾਲ ਕੁੱਟ-ਕੁੱਟ ਕੇ ਮਰਿਆ ਸਮਝ ਕੇ ਸੜਕ ਕੰਢੇ ਸੁੱਟ ਦਿੱਤਾ। ਪੁਲਿਸ ਨੇ ਬੱਚੇ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਉਸ ਦੀ ਹਾਲਤ ਬਹੁਤ ਖਰਾਬ ਹੈ। ਪੁਲਿਸ ਨੇ ਇਸ ਮਾਮਲੇ ‘ਚ 1 ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। 3 ਅਜੇ ਫਰਾਰ ਹਨ।
ਮੀਡੀਆ ਰਿਪੋਰਟਾਂ ਮੁਤਾਬਕ 18 ਸਤੰਬਰ ਦੀ ਇਹ ਘਟਨਾ ਸੀਲਮਪੁਰ ਇਲਾਕੇ ਦੀ ਹੈ। 22 ਸਤੰਬਰ ਨੂੰ ਬੱਚੇ ਦੇ ਮਾਪਿਆਂ ਨੂੰ ਘਟਨਾ ਦਾ ਪਤਾ ਲੱਗਾ। ਇਸ ਤੋਂ ਬਾਅਦ ਦਿੱਲੀ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਐਤਵਾਰ ਨੂੰ ਇਸ ਮਾਮਲੇ ਦਾ ਖੁਲਾਸਾ ਕੀਤਾ ਹੈ।
ਦਿੱਲੀ ਮਹਿਲਾ ਕਮਿਸ਼ਨ (DCW) ਨੇ ਇਸ ਘਟਨਾ ਦਾ ਨੋਟਿਸ ਲਿਆ ਹੈ। ਡੀਸੀਡਬਲਯੂ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਇਸ ਘਟਨਾ ਬਾਰੇ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਮੁੰਡੇ ਵੀ ਸੁਰੱਖਿਅਤ ਨਹੀਂ ਹਨ। ਸਵਾਤੀ ਮੁਤਾਬਕ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਬੱਚੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸਵਾਤੀ ਮਾਲੀਵਾਲ ਨੇ ਵੀ ਇਸ ਘਟਨਾ ਸਬੰਧੀ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ 28 ਸਤੰਬਰ ਤੱਕ ਮਾਮਲੇ ਦੀ ਰਿਪੋਰਟ ਦੇਣ ਲਈ ਕਿਹਾ ਹੈ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੀ ਹਰਕਤ ਵਿੱਚ ਆ ਗਈ। ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਫਰਾਰ ਦੋਸ਼ੀਆਂ ਦੀ ਭਾਲ ਜਾਰੀ ਹੈ ਅਤੇ ਜਲਦ ਹੀ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸ ਤੋਂ ਇਲਾਵਾ ਚਾਰਾਂ ਮੁਲਜ਼ਮਾਂ ਦੇ ਆਪਸ ਵਿੱਚ ਕੀ ਸਬੰਧ ਸਨ, ਇਸ ਬਾਰੇ ਵੀ ਪੁਲੀਸ ਸਬੂਤ ਜੁਟਾਉਣ ਵਿੱਚ ਲੱਗੀ ਹੋਈ ਹੈ। ਪੁਲਿਸ ਇਹ ਵੀ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਸ਼ੀ ਦਾ ਪੀੜਤ ਬੱਚੇ ਨਾਲ ਕੀ ਸਬੰਧ ਸੀ। ਮੁਲਜ਼ਮਾਂ ਦਾ ਪੁਰਾਣਾ ਰਿਕਾਰਡ ਵੀ ਦੇਖਿਆ ਜਾ ਰਿਹਾ ਹੈ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਦੇ ਸੀਸੀਟੀਵੀ ਫੁਟੇਜ ਨੂੰ ਵੀ ਦੇਖਿਆ ਜਾ ਰਿਹਾ ਹੈ।