ਨਵੀਂ ਦਿੱਲੀ| ਰਾਉਸ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਘੁਟਾਲੇ ਦੀ ਜਾਂਚ ਕਰ ਰਹੀ ਈਡੀ ਦੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 27 ਅਪ੍ਰੈਲ ਤੱਕ ਵਧਾ ਦਿੱਤੀ ਹੈ। ਸ਼ਰਾਬ ਘੁਟਾਲਾ ਮਾਮਲੇ ਦੇ ਦੋਸ਼ੀ ਮਨੀਸ਼ ਸਿਸੋਦੀਆ ਨੂੰ ਇੱਕ ਵਾਰ ਫਿਰ ਅਦਾਲਤ ਤੋਂ ਝਟਕਾ ਲੱਗਾ ਹੈ।
ਦੱਖਣੀ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਹਿਰਾਸਤ 27 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ, ਈਡੀ ਨੇ ਅਦਾਲਤ ਨੂੰ ਕਿਹਾ ਹੈ ਕਿ ਉਹ ਇਸ ਮਹੀਨੇ ਦੇ ਅੰਤ ਤੱਕ ਮਾਮਲੇ ਵਿੱਚ ਚਾਰਜਸ਼ੀਟ ਦਾਖਲ ਕਰੇਗੀ। ਅੱਜ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਖ਼ਤਮ ਹੋ ਗਈ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਇੱਕ ਵਾਰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਮਨੀਸ਼ ਸਿਸੋਦੀਆ ਤੋਂ ਲੰਬੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ‘ਚ ਲਿਆ ਗਿਆ। ਮਨੀਸ਼ ਫਿਲਹਾਲ ਤਿਹਾੜ ਜੇਲ ‘ਚ ਬੰਦ ਹੈ।
ਈਡੀ ਸ਼ਰਾਬ ਨੀਤੀ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੀ ਹੈ। 5 ਅਪ੍ਰੈਲ ਨੂੰ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਈਡੀ ਦੀ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਸੀ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਮੁਸੀਬਤ ‘ਚ ਘਿਰਦੇ ਨਜ਼ਰ ਆ ਰਹੇ ਹਨ।
ਲੰਘੇ ਐਤਵਾਰ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਤੋਂ ਕਰੀਬ 9 ਘੰਟੇ ਪੁੱਛਗਿੱਛ ਕੀਤੀ ਸੀ। ਕੇਜਰੀਵਾਲ ਨੇ ਖੁਦ ਦੱਸਿਆ ਸੀ ਕਿ ਸੀਬੀਆਈ ਨੇ ਉਨ੍ਹਾਂ ਤੋਂ ਕੁੱਲ 56 ਸਵਾਲ ਪੁੱਛੇ ਸਨ ਅਤੇ ਆਬਕਾਰੀ ਨੀਤੀ ਨਾਲ ਜੁੜੇ ਹਰ ਛੋਟੇ-ਵੱਡੇ ਸਵਾਲ ਉਨ੍ਹਾਂ ਤੋਂ ਪੁੱਛੇ ਗਏ ਸਨ।