ਚੰਡੀਗੜ੍ਹ| ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ਵਿੱਚ ਫਸੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਾਂਚ ਦੀ ਸੀਲਬੰਦ ਰਿਪੋਰਟ ਖੋਲ੍ਹਣ ਲਈ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ 15 ਫਰਵਰੀ ਲਈ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਸ਼ੁੱਕਰਵਾਰ ਨੂੰ ਕਰੀਬ 2 ਘੰਟੇ ਤੱਕ ਚੱਲੀ ਸੁਣਵਾਈ ਦੌਰਾਨ ਬੈਂਚ ਨੂੰ ਮਾਮਲੇ ਦੀ ਪੂਰੀ ਜਾਣਕਾਰੀ ਦਿੱਤੀ ਗਈ। ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਰਿਪੋਰਟਾਂ ਜੋ ਹਾਈਕੋਰਟ ਵਿੱਚ ਰਜਿਸਟਰਾਰ (ਜੁਡੀਸ਼ੀਅਲ) ਕੋਲ ਸੀਲ ਰੱਖੀਆਂ ਹੋਈਆਂ ਹਨ, ਉਨ੍ਹਾਂ ਬਾਰੇ ਦੱਸਿਆ ਗਿਆ। ਹਾਈਕੋਰਟ ਨੇ ਰਜਿਸਟਰਾਰ (ਜੁਡੀਸ਼ੀਅਲ) ਤੋਂ ਇਹ ਸਾਰੀਆਂ ਰਿਪੋਰਟਾਂ ਤਲਬ ਕੀਤੀਆਂ ਹਨ।
ਸੁਣਵਾਈ ਦੌਰਾਨ ਮਜੀਠੀਆ ਨਾਲ ਜੁੜੀ ਰਿਪੋਰਟ ਨੂੰ ਖੁੱਲ੍ਹਿਆ ਗਿਆ । ਪੰਜਾਬ ਸਰਕਾਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ ਅਤੇ ਮਜੀਠੀਆ ਖ਼ਿਲਾਫ਼ ਐਫਆਈਆਰ ਵੀ ਦਰਜ ਕੀਤੀ ਗਈ ਹੈ। ਹਾਈਕੋਰਟ ਨੇ ਅਗਲੀ ਸੁਣਵਾਈ ਤੱਕ ਇਸ ਮਾਮਲੇ ‘ਚ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਸਟੇਟਸ ਰਿਪੋਰਟ ਰਾਹੀਂ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਡੀਜੀਪੀ ਨੇ 2018 ‘ਚ ਸੀਲਬੰਦ ਰਿਪੋਰਟ ਸੌਂਪੀ ਸੀ
ਐਡਵੋਕੇਟ ਨਵ ਕਿਰਨ ਸਿੰਘ ਨੇ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਦਿਆਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਡਰੱਗ ਰੈਕੇਟ ਵਿੱਚ ਸ਼ਾਮਲ ਤਤਕਾਲੀ ਐਸਪੀ ਰਾਜਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਖ਼ਿਲਾਫ਼ 2018 ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਅਜੇ ਤੱਕ ਉਸ ਰਿਪੋਰਟ ‘ਤੇ ਸਰਕਾਰ ਵੱਲੋਂ ਕੀ ਕਾਰਵਾਈ ਕੀਤੀ ਗਈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸਰਕਾਰ ਨੇ ਇਸ ਮਾਮਲੇ ਵਿੱਚ ਬਿਕਰਮ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ ਪਰ ਸਰਕਾਰ ਇਸ ਡਰੱਗ ਰੈਕੇਟ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ। ਅਜਿਹੇ ਦਾਗੀ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਬਹੁਤ ਜ਼ਰੂਰੀ ਹੈ। ਇਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।