ਜਲੰਧਰ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ, 70 ਸਾਲ ਪੁਰਾਣੇ ਮਕਾਨ ਨੂੰ ਕੀਤਾ ਡਿਮੋਲਿਸ਼

0
10

ਜਲੰਧਰ | ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸ਼ੁੱਕਰਵਾਰ, 30 ਅਕਤੂਬਰ ਨੂੰ ਸ਼ਹਿਰ ਦੇ ਤੇਜ ਮੋਹਨ ਨਗਰ ਵਿੱਚ ਕਥਿਤ ਨਸ਼ਾ ਤਸਕਰ ਗਗਨਦੀਪ ਉਰਫ਼ ਗੱਗੀ ਦੇ 70 ਸਾਲ ਪੁਰਾਣੇ ਘਰ ‘ਤੇ ਪ੍ਰਸ਼ਾਸਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ। ਇਸ ਦੌਰਾਨ ਨਗਰ ਨਿਗਮ ਦੀ ਮਦਦ ਨਾਲ ਘਰ ਨੂੰ ਡਿਮੋਲਿਸ਼ ਕਰਨ ਦੀ ਕਾਰਵਾਈ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਗਗਨਦੀਪ ਉਰਫ਼ ਗੱਗੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕਈ ਮਾਮਲੇ ਦਰਜ ਹਨ। ਉਹ ਹਾਲ ਹੀ ਵਿੱਚ ਮੁੜ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ। ਪੁਲਿਸ ਅਤੇ ਨਗਰ ਨਿਗਮ ਦੀ ਸਹਾਇਤਾ ਨਾਲ ਉਸ ਦੇ ਘਰ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚ ਕੇ ਜਾਇਦਾਦ ਬਣਾਉਣ ਵਾਲੇ ਤਸਕਰਾਂ ਖ਼ਿਲਾਫ਼ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਦੇਣਾ ਹੈ, ਤਾਂ ਜੋ ਪੰਜਾਬ ਵਿੱਚ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਪਹਿਲਾਂ ਹੀ ਪਤਾ ਹੋਵੇ ਕਿ ਅਜਿਹੇ ਗੈਰ-ਕਾਨੂੰਨੀ ਕੰਮਾਂ ਦਾ ਨਤੀਜਾ ਕੀ ਹੋ ਸਕਦਾ ਹੈ। ਪੁਲਿਸ ਕਮਿਸ਼ਨਰ ਮੁਤਾਬਕ ਨਸ਼ਾ ਤਸਕਰੀ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਖ਼ਿਲਾਫ਼ ਇਸੇ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ।