ਜਲੰਧਰ (2 ਸਤੰਬਰ) | ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਅੱਜ ਕਾਲਾ ਬੱਕਰਾ ਵਿਖੇ ਗਾਰਡਨ ਹੈਂਡ ਟੂਲਜ਼ ਯੂਨੀਸਨ ਲਾਅਨ ਉਪਕਰਣ ਦੇ ਮੁੱਖ ਨਿਰਯਾਤਕਾਰ ਦੀ ਉਦਯੋਗਿਕ ਇਕਾਈ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਡਿਪਟੀ ਕਮਿਸ਼ਨਰ ਵਲੋਂ ਉਨ੍ਹਾਂ ਦੇ ਵੱਡਮੁੱਲੇ ਸੁਝਾਅ ਸੁਣੇ ਗਏ ਅਤੇ ਉਨ੍ਹਾਂ ਦੀ ਮੰਗ ਅਨੁਸਾਰ ਨਵੇਂ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ ਤਾਂ ਜੋ ਬੇਰੁਜ਼ਗਾਰ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਇਥੇ ਹੀ ਰੋਜ਼ਗਾਰ ਪ੍ਰਾਪਤ ਕਰ ਸਕਣ।
ਉਨ੍ਹਾਂ ਉਦਯੋਗਪਤੀਆਂ ਨੂੰ ਇਹ ਵੀ ਕਿਹਾ ਕਿ ਜੋ ਹੁਨਰਮੰਦ ਕਾਮੇ ਉਨ੍ਹਾਂ ਨੂੰ ਲੋੜੀਂਦੇ ਹਨ ਸਬੰਧੀ ਵੇਰਵਾ ਮੁਹੱਈਆ ਕਰਵਾਇਆ ਜਾਵੇ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਉਦਯੋਗਪਤੀਆਂ ਦੇ ਸਾਰਥਕ ਯਤਨਾਂ ਸਦਕਾ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਬੇਰੁਜ਼ਗਾਰੀ ਨੂੰ ਖ਼ਤਮ ਕੀਤਾ ਜਾ ਸਕਦਾ ਹੈ।
ਸਾਰੰਗਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਉਦਯੋਗਾਂ ਨੂੰ ਢੁਕਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਜਲਦ ਹੀ ਸ਼ਹਿਰ ਵਿਖੇ ਸਥਾਨਕ ਉਦਯੋਗਪਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਉਦਯੋਗ ਦੀ ਉਤਪਾਦਨ ਯੂਨਿਟ ਦਾ ਵੀ ਦੌਰਾ ਕੀਤਾ ਗਿਆ ਅਤੇ ਮਾਲਕਾਂ ਵਲੋਂ ਉਤਪਾਦਨ ਦੇ ਵੱਖ-ਵੱਖ ਪੜਾਵਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਯੂਨੀਸਨ ਲਾਅਨ ਉਪਕਰਣ ਦੇ ਮਾਲਕਾਂ ਵਲੋਂ ਦੱਸਿਆ ਕਿ ਜ਼ਿਆਦਾਤਰ ਇਹ ਸਮਾਨ ਯੂਰਪ ਅਤੇ ਹੋਰ ਦੇਸ਼ਾਂ ਵਿੱਚ ਨਿਰਯਾਤ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਵਲੋਂ ਮੀਟਿੰਗ ਦੌਰਾਨ ਰਹਿੰਦੇ ਮੁੱਦਿਆਂ ਦਾ ਨਿਪਟਾਰਾ ਕੀਤਾ ਜਾਵੇਗਾ।