ਚੰਡੀਗੜ੍ਹ | ਬੇਅਦਬੀ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਿੱਲਰ ਨੂੰ ਚੰਡੀਗੜ੍ਹ ਜ਼ਿਲਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਐਸਆਈਟੀ ਨੇ ਇਸ ਸਾਲ ਫਰਵਰੀ ‘ਚ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਫਰੀਦਕੋਟ ਅਦਾਲਤ ਨੇ ਤਿੰਨ ਵੱਖ-ਵੱਖ ਕੇਸਾਂ ‘ਚ ਭਗੌੜਾ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੂੰ ਐਸ.ਆਈ.ਟੀ. ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਐਸਆਈਟੀ ਦੀ ਅਰਜ਼ੀ ’ਤੇ ਇਹ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਤਬਦੀਲ ਕਰ ਦਿੱਤਾ ਗਿਆ ਸੀ। ਸਾਲ 2015 ‘ਚ SIT ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਤਿੰਨ ਵੱਖ-ਵੱਖ ਮਾਮਲਿਆਂ ‘ਚ ਮੁੱਖ ਸਾਜ਼ਿਸ਼ਕਰਤਾ ਦੇ ਰੂਪ ‘ਚ ਉਸ ਦੀ ਭਾਲ ਕਰ ਰਹੀ ਸੀ। ਉਸ ਨੂੰ ਅਦਾਲਤ ਨੇ 2020 ‘ਚ ਭਗੌੜਾ ਕਰਾਰ ਦਿੱਤਾ ਸੀ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਐਸਆਈਟੀ ਵੱਲੋਂ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ। ਇਨ੍ਹਾਂ ਚਾਰ ਟੀਮਾਂ ਨੇ ਵੱਖ-ਵੱਖ ਰਾਜਾਂ ‘ਚ ਛਾਪੇਮਾਰੀ ਦੌਰਾਨ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।

ਮੁਲਜ਼ਮ ਪ੍ਰਦੀਪ ਬਰਗਾੜ੍ਹੀ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਹੈ। ਉਸ ਨੇ ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਆਪਣਾ ਬਿਆਨ ਦਿੱਤਾ ਸੀ। ਉਨ੍ਹਾਂ ਨੇ ਇਸ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਅਤੇ ਹਨੀ ਪ੍ਰੀਤ ਸਿੰਘ ਦਾ ਨਾਂ ਲਿਆ ਸੀ। ਹੁਣ ਮੁਲਜ਼ਮ ਦੇ ਵਕੀਲ ਨੇ ਅਦਾਲਤ ‘ਚ ਦਲੀਲ ਦਿੱਤੀ ਹੈ ਕਿ ਉਸ ਤੋਂ ਐਸਆਈਟੀ ਵੱਲੋਂ ਪੁੱਛਗਿੱਛ ਕੀਤੀ ਜਾਣੀ ਸੀ।

ਜਿਸ ਦੀ ਜਾਂਚ ਪੂਰੀ ਹੋ ਚੁੱਕੀ ਹੈ। ਉਸ ਕੋਲੋਂ ਅਜੇ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਅਜਿਹੇ ‘ਚ ਉਸ ਨੂੰ ਸਲਾਖਾਂ ਪਿੱਛੇ ਰੱਖਣਾ ਕਾਨੂੰਨ ਦੇ ਖਿਲਾਫ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੀ ਤਰਫੋਂ ਇਹ ਦਲੀਲ ਦਿੱਤੀ ਗਈ ਸੀ ਕਿ ਜੇਕਰ ਦੋਸ਼ੀ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਉਸ ਨੂੰ ਜ਼ਮਾਨਤ ਦੇ ਦਿੱਤੀ।