ਫਰੀਦਕੋਟ ‘ਚ ਹੋਈ ਬੇਅਦਬੀ : ਅਣਪਛਾਤੇ ਵਿਅਕਤੀ ਨੇ ਸ੍ਰੀ ਗੁਟਕਾ ਸਾਹਿਬ ਦੇ ਪਾਵਨ ਅੰਗਾਂ ਨੂੰ ਪਾੜ ਕੇ ਗਲੀ ‘ਚ ਸੁੱਟਿਆ

0
1661

ਫਰੀਦਕੋਟ | ਕਸਬਾ ਗੋਲੇਵਾਲਾ ਵਿਚ ਇਕ ਅਣਪਛਾਤੇ ਵਿਅਕਤੀ ਵੱਲੋਂ ਸ੍ਰੀ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਲੀ ਵਿਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਜਿੱਥੇ ਪੁਲਿਸ ਮੁਸਤੈਦੀ ਨਾਲ ਦੋਸ਼ੀਆਂ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਲੋਕਾਂ ਨੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਮੌਕੇ ਕੌਮੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਿੰਦਰ ਸਿੰਘ, ਦਰਸ਼ਨ ਸਿੰਘ ਨੰਬਰਦਾਰ ਅਤੇ ਜਗਮੀਤ ਸਿੰਘ ਖ਼ਾਲਸਾ ਅਤੇ ਹਾਜ਼ਰ ਲੋਕਾਂ ਨੇ ਕਿਹਾ ਕਿ ਬੇਅਦਬੀ ਕਾਂਡ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਧਰ, ਐਸਐਸਪੀ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ, ਅੱਜ ਸਵੇਰੇ 7 ਵਜੇ ਦੇ ਕਰੀਬ ਗੁਰਮੇਲ ਸਿੰਘ ਗੋਲੇਵਾਲਾ ਸਥਿਤ ਨਿਰਮਲ ਡੇਰੇ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ ਤਾਂ ਰਸਤੇ ਵਿਚ ਉਸ ਨੇ ਗਲੀ ਵਿੱਚ ਗੁਟਕਾ ਸਾਹਿਬ ਦੇ ਅੰਗ ਪਏ ਦੇਖੇ, ਜਿਸ ਕਾਰਨ ਉਸ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਿਆ ਤਾਂ ਕਿਸੇ ਨੂੰ ਕੁਝ ਪਤਾ ਨਹੀਂ ਲੱਗਾ, ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗੋਲੇਵਾਲਾ ਵਿਚ ਵੱਖ-ਵੱਖ ਥਾਵਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦਾ ਪਤਾ ਲਾਇਆ ਜਾ ਸਕੇ। ਇਸ ਘਟਨਾ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।