ਖੇਤੀ ਕਾਨੂੰਨ ਰੱਦ ਹੋਣ ਦੇ ਬਾਵਜੂਦ ਉਹ ਕਿਹੜੀਆਂ ਮੰਗਾਂ ਹਨ, ਜਿਨ੍ਹਾਂ ਨੂੰ ਲੈ ਕੇ ਕਿਸਾਨ ਮੋਰਚੇ ‘ਤੇ ਡਟੇ ਰਹਿਣਗੇ

0
4657

ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਹੁਣ ਲੱਗ ਰਿਹਾ ਹੈ ਕਿ ਕਿਸਾਨ ਅੰਦੋਲਨ ਖ਼ਤਮ ਹੋ ਜਾਵੇਗਾ ਤੇ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨ ਆਪਣੇ ਘਰ ਵਾਪਸ ਪਰਤ ਜਾਣਗੇ ਪਰ ਅਜਿਹਾ ਹੁੰਦਾ ਨਹੀਂ ਦਿਖਾਈ ਰਿਹਾ।

ਕਿਸਾਨ ਆਪਣੀਆਂ 6 ਨੁਕਾਤੀ ਮੰਗਾਂ ‘ਤੇ ਅੜੇ ਹੋਏ ਹਨ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਸੰਦੇਸ਼ ਵਿੱਚ ਇਨ੍ਹਾਂ ਮੰਗਾਂ ਤੋਂ ਜਾਣੂ ਕਰਵਾਇਆ ਹੈ। ਕਿਸਾਨਾਂ ਨੇ ਕਿਹਾ ਹੈ ਕਿ ‘ਅਸੀਂ ਵੀ ਚਾਹੁੰਦੇ ਹਾਂ ਕਿ ਬਾਕੀ ਰਹਿੰਦੀਆਂ ਮੰਗਾਂ ਨੂੰ ਵੀ ਜਲਦ ਤੋਂ ਜਲਦ ਹੱਲ ਕਰਕੇ ਅਸੀਂ ਆਪਣੇ ਘਰ, ਪਰਿਵਾਰ ਤੇ ਖੇਤੀ ‘ਚ ਵਾਪਸ ਜਾਈਏ। ਜੇ ਤੁਸੀਂ ਵੀ ਇਹੀ ਚਾਹੁੰਦੇ ਹੋ ਤਾਂ ਸਰਕਾਰ ਨੂੰ ਉਪਰੋਕਤ 6 ਮੁੱਦਿਆਂ ‘ਤੇ ਸੰਯੁਕਤ ਕਿਸਾਨ ਮੋਰਚਾ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਪੀਐੱਮ ਮੋਦੀ ਨੂੰ ਸੰਦੇਸ਼ ਚ ਕਿਹਾ, ”ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ 3 ਖੇਤੀ ਕਾਨੂੰਨ ਰੱਦ ਕਰਨਾ ਇਸ ਅੰਦੋਲਨ ਦੀ ਇਕਲੌਤੀ ਮੰਗ ਨਹੀਂ ਹੈ। ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨਾਲ ਗੱਲਬਾਤ ਦੀ ਸ਼ੁਰੂਆਤ ਤੋਂ ਹੀ 3 ਹੋਰ ਮੰਗਾਂ ਉਠਾਈਆਂ ਸਨ, ਪਹਿਲੀ ਸੀ ਖੇਤੀ ਦੀ ਸਮੁੱਚੀ ਲਾਗਤ ਦੇ ਆਧਾਰ ‘ਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਾਰੀ ਫ਼ਸਲ ਖਰੀਦਣ ਦੀ ਗਾਰੰਟੀ ਦਿੱਤੀ ਜਾ ਸਕੇ।”

ਕਿਸਾਨਾਂ ਨੇ ਪੀਐੱਮ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਬਣੀ ਕਮੇਟੀ ਨੇ 2011 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਨੂੰ ਇਹ ਸਿਫ਼ਾਰਸ਼ ਦਿੱਤੀ ਸੀ ਤੇ ਸਰਕਾਰ ਨੇ ਇਸ ਬਾਰੇ ਸੰਸਦ ਵਿੱਚ ਐਲਾਨ ਵੀ ਕੀਤਾ ਸੀ।

ਮੋਰਚੇ ਨੇ ਅਗਲੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਪ੍ਰਸਤਾਵਿਤ ‘ਬਿਜਲੀ ਐਕਟ ਸੋਧ ਬਿੱਲ, 2020/2021’ ਦਾ ਖਰੜਾ ਵਾਪਸ ਲਿਆ ਜਾਵੇ। ਗੱਲਬਾਤ ਦੌਰਾਨ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਇਸ ਨੂੰ ਵਾਪਸ ਲੈ ਲਿਆ ਜਾਵੇਗਾ ਪਰ ਫਿਰ ਵਾਅਦੇ ਦੇ ਉਲਟ ਇਸ ਨੂੰ ਸੰਸਦ ਦੇ ਏਜੰਡੇ ਵਿੱਚ ਸ਼ਾਮਲ ਕੀਤਾ ਗਿਆ।

ਅਗਲੀ ਮੰਗ ‘ਚ ਕਿਹਾ ਗਿਆ ਹੈ ਕਿ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਇਨ ਦਾ ਨੈਸ਼ਨਲ ਕੈਪੀਟਲ ਰੀਜਨ ਐਂਡ ਇਸ ਨਾਲ ਸਬੰਧਤ ਖੇਤਰ ਐਕਟ, 2021’ ਵਿਚ ਕਿਸਾਨਾਂ ਨੂੰ ਸਜ਼ਾ ਦੇਣ ਦੇ ਉਪਬੰਧਾਂ ਨੂੰ ਹਟਾਇਆ ਜਾਵੇ। ਇਸ ਸਬੰਧੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਸਾਲ ਸਰਕਾਰ ਨੇ ਕੁਝ ਕਿਸਾਨ ਵਿਰੋਧੀ ਧਾਰਾਵਾਂ ਤਾਂ ਹਟਾ ਦਿੱਤੀਆਂ ਹਨ ਪਰ ਧਾਰਾ 15 ਰਾਹੀਂ ਮੁੜ ਕਿਸਾਨ ਨੂੰ ਸਜ਼ਾ ਦਾ ਘੇਰਾ ਬਣਾ ਦਿੱਤਾ ਹੈ।

ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਅੱਗੇ ਦੱਸਿਆ ਗਿਆ ਕਿ ਪਿਛਲੇ ਇਕ ਸਾਲ ਵਿੱਚ ਕਿਸਾਨ ਅੰਦੋਲਨ ਦੌਰਾਨ ਕੁਝ ਹੋਰ ਮੁੱਦੇ ਵੀ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਣਾ ਜ਼ਰੂਰੀ ਹੈ। ਇਨ੍ਹਾਂ ਵਿੱਚ ਦਿੱਲੀ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਤੇ ਇਸ ਅੰਦੋਲਨ ਦੌਰਾਨ (ਜੂਨ 2020 ਤੋਂ ਹੁਣ ਤੱਕ) ਸੂਬਿਆਂ ‘ਚ ਹਜ਼ਾਰਾਂ ਕਿਸਾਨਾਂ ਦੇ ਕੇਸ ਤੁਰੰਤ ਵਾਪਸ ਲਏ ਜਾਣ।

ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਕਤਲ ਕਾਂਡ ਦਾ ਮਾਸਟਰਮਾਈਂਡ ਤੇ ਧਾਰਾ 120-ਬੀ ਦਾ ਦੋਸ਼ੀ ਅਜੈ ਮਿਸ਼ਰਾ ਟੈਣੀ ਸ਼ਰੇਆਮ ਘੁੰਮ ਰਿਹਾ ਹੈ ਅਤੇ ਤੁਹਾਡੀ ਕੈਬਨਿਟ ‘ਚ ਮੰਤਰੀ ਬਣਿਆ ਹੋਇਆ ਹੈ। ਉਹ ਤੁਹਾਡੇ ਤੇ ਹੋਰ ਸੀਨੀਅਰ ਮੰਤਰੀਆਂ ਨਾਲ ਵੀ ਸਟੇਜ ਸਾਂਝੀ ਕਰ ਰਿਹਾ ਹੈ। ਉਸ ਨੂੰ ਬਰਖਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ।

ਇਸ ਤੋਂ ਇਲਾਵਾ ਪਿਛਲੀ ਮੰਗ ਵਿੱਚ ਕਿਸਾਨਾਂ ਵੱਲੋਂ ਕਿਹਾ ਗਿਆ ਕਿ ਇਸ ਅੰਦੋਲਨ ਦੌਰਾਨ ਹੁਣ ਤੱਕ 700 ਦੇ ਕਰੀਬ ਕਿਸਾਨ ਸ਼ਹੀਦੀ ਦੇ ਚੁੱਕੇ ਹਨ। ਉਨ੍ਹਾਂ ਦੇ ਪਰਿਵਾਰਾਂ ਦੇ ਮੁਆਵਜ਼ੇ ਤੇ ਮੁੜ ਵਸੇਬੇ ਦੀ ਵਿਵਸਥਾ ਹੋਣੀ ਚਾਹੀਦੀ ਹੈ। ਸ਼ਹੀਦ ਕਿਸਾਨਾਂ ਦੀ ਯਾਦ ‘ਚ ਸ਼ਹੀਦੀ ਯਾਦਗਾਰ ਬਣਾਉਣ ਲਈ ਸਿੰਘੂ ਬਾਰਡਰ ’ਤੇ ਜ਼ਮੀਨ ਦਿੱਤੀ ਜਾਵੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ