ਅੰਬਾਲਾ | ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਹਰਿਆਣਾ ਵਿੱਚ ਕਿਸਾਨਾਂ ਨੇ ਦੋਸ਼ ਲਾਇਆ ਕਿ ਭਾਜਪਾ ਐੱਮਪੀ ਨਾਇਬ ਸੈਣੀ ਦੀ ਕਾਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅੰਬਾਲਾ ਵਿੱਚ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਇਕ ਕਿਸਾਨ ਜ਼ਖਮੀ ਹੋ ਗਿਆ।

ਕਿਸਾਨ ਆਗੂਆਂ ਨੇ ਕਿਹਾ ਕਿ ਜ਼ਖਮੀ ਹੋਏ ਕਿਸਾਨ ਨੂੰ ਨਰਾਇਣਗੜ੍ਹ ਦੇ ਇਕ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਕਿਸਾਨ ਆਗੂ ਅਮਰਜੀਤ ਸਿੰਘ ਨੇ ਕਿਸਾਨ ਏਕਤਾ ਮੋਰਚਾ ਫੇਸਬੁੱਕ ਪੇਜ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਬਾਲਾ ਵਿੱਚ ਲਖਮੀਰਪੁਰ ਖੀਰੀ ਵਰਗੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਆਗੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀਮਈ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਰੱਖਣ।

ਇਸ ਸਬੰਧੀ ਕਿਸਾਨਾਂ ਵੱਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਕੀਤੀ ਗਈ ਹੈ। ਭਾਜਪਾ ਦੇ ਲੋਕ ਸਭਾ ਮੈਂਬਰ ਨਾਇਬ ਸੈਣੀ ਅਤੇ ਹੋਰ ਪਾਰਟੀ ਆਗੂ ਅੰਬਾਲਾ ਵਿੱਚ ਕਿਸੇ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਆਏ ਸਨ।