ਚੰਡੀਗੜ੍ਹ| ਪੰਜਾਬ ਵਿੱਚ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਕਿਹਾ ਕਿ ਅਸੀਂ ਸੂਬੇ ਵਿੱਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ। ਅਸੀਂ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿਆਂਗੇ। ਕੁਝ ਲੋਕ ਪਾਕਿਸਤਾਨ ਦੀ ISI ਦੇ ਹੁਕਮਾਂ ‘ਤੇ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸੂਬੇ ਦੇ ਲੋਕ ਸ਼ਾਂਤੀ ਚਾਹੁੰਦੇ ਹਨ।

ਇਸ ਤੋਂ ਪਹਿਲਾਂ ਵਿਸਾਖੀ ਦੇ ਤਿਉਹਾਰ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਗੌਰਵ ਯਾਦਵ ਨੇ ਅੰਮ੍ਰਿਤਸਰ ‘ਚ ਕਿਹਾ ਸੀ ਕਿ ਜੋ ਵੀ ਸ਼ਰਾਰਤੀ ਅਨਸਰ ਜਿਨ੍ਹਾਂ ਨੂੰ ਵਿਦੇਸ਼ੀ ਤਾਕਤਾਂ, ਆਈ.ਐੱਸ.ਆਈ. ਦੀ ਹਮਾਇਤ ਹਾਸਲ ਹੈ, ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਸੀ ਕਿ ਮੈਂ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਸੂਬੇ ‘ਚ ਕਾਨੂੰਨ ਵਿਵਸਥਾ ਕਾਇਮ ਹੈ। ਪੰਜਾਬ ਵਿੱਚ ਸ਼ਾਂਤੀ ਹੈ। ਜੇ ਪੰਜਾਬ ਬਾਰੇ ਕੋਈ ਗਲਤਫਹਿਮੀ ਹੈ ਤਾਂ ਸੂਬੇ ਵਿੱਚ ਰਹਿੰਦੇ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਪੁੱਛ ਕੇ ਦੂਰ ਕਰੋ।

ਡੀਜੀਪੀ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਰੱਖੇਗੀ। ਪੰਜਾਬ ਪੁਲਿਸ ਮੁਖੀ ਨੇ ਕਿਹਾ ਕਿ ਸੂਬੇ ਵਿੱਚ ਸਖ਼ਤ ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ।