ਧਾਲੀਵਾਲ ਨੇ ਸੁਖਬੀਰ ਬਾਦਲ ’ਤੇ ED-CBI ਦੇ ਦਬਾਅ ਹੇਠ ਭਾਜਪਾ ਨਾਲ ਹੱਥ ਮਿਲਾਉਣ ਦੇ ਲਾਏ ਦੋਸ਼

0
10

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵਿਤ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੋਵਾਂ ਪਾਰਟੀਆਂ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਇਸ ਗਠਜੋੜ ਨੂੰ ਮੌਕਾਪ੍ਰਸਤੀ ਅਤੇ ਸਿਆਸੀ ਗਿਰਾਵਟ ਦੀ ਹੱਦ ਕਰਾਰ ਦਿੱਤਾ। ਧਾਲੀਵਾਲ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ED, CBI ਅਤੇ ਆਪਣੀਆਂ ਜਾਇਦਾਦਾਂ ਨਾਲ ਜੁੜੀਆਂ ਫਾਈਲਾਂ ਦੇ ਡਰ ਕਾਰਨ ਭਾਜਪਾ ਨਾਲ ਗਠਜੋੜ ਕਰਨ ਲਈ ਤਿਆਰ ਹੋਏ ਹਨ।

ਧਾਲੀਵਾਲ ਨੇ ਕਿਹਾ ਕਿ ਜਿਹੜੇ ਸੁਖਬੀਰ ਬਾਦਲ ਪਹਿਲਾਂ ਭਾਜਪਾ ਦਾ ਵਿਰੋਧ ਕਰਦੇ ਸਨ ਅਤੇ ਉਸ ਨਾਲ ਨੇੜਤਾ ਰੱਖਣ ਵਾਲੇ ਆਗੂਆਂ ਦਾ DNA ਟੈਸਟ ਕਰਵਾਉਣ ਦੀ ਗੱਲ ਕਰਦੇ ਸਨ, ਉਹ ਅੱਜ ਉਸੇ ਪਾਰਟੀ ਨਾਲ ਗਠਜੋੜ ਕਰਨ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਹੋਟਲਾਂ, ਬੱਸਾਂ, ਫਾਰਮਹਾਊਸ ਅਤੇ ਹੋਰ ਜਾਇਦਾਦਾਂ ਦੀਆਂ ਫਾਈਲਾਂ ਦੇ ਦਬਾਅ ਹੇਠ ਸੁਖਬੀਰ ਬਾਦਲ ਨੇ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ।

ਕਰਤਾਰਪੁਰ ਸਾਹਿਬ ਲਾਂਘਾ ਨਾ ਖੋਲ੍ਹੇ ਜਾਣ ’ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਧਾਲੀਵਾਲ ਨੇ ਸਵਾਲ ਕੀਤਾ ਕਿ ਜੇ ਅਡਾਨੀ ਦੀ ਬੰਦਰਗਾਹ ਰਾਹੀਂ ਪਾਕਿਸਤਾਨ ਨਾਲ ਵਪਾਰ ਹੋ ਸਕਦਾ ਹੈ ਤਾਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ? ਉਨ੍ਹਾਂ ਕਿਹਾ ਕਿ ਜੇ ਸੁਖਬੀਰ ਬਾਦਲ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੁੰਦੇ ਤਾਂ ਗਠਜੋੜ ਦੀ ਸ਼ਰਤ ਵਜੋਂ ਸਭ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੁੱਲ੍ਹਵਾਉਂਦੇ।

ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਧਾਲੀਵਾਲ ਨੇ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੀ 532 ਕਿਲੋਮੀਟਰ ਲੰਬੀ ਸਰਹੱਦ ’ਤੇ ਆਧੁਨਿਕ ਐਂਟੀ-ਡਰੋਨ ਸਿਸਟਮ ਲਗਾਇਆ ਜਾਵੇ, ਤਾਂ ਜੋ ਸਰਹੱਦ ਪਾਰੋਂ ਆਉਣ ਵਾਲੇ ਨਸ਼ੇ ਅਤੇ ਹਥਿਆਰ ਰੋਕੇ ਜਾ ਸਕਣ।

ਕਿਸਾਨ ਅੰਦੋਲਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਵੀ ਧਾਲੀਵਾਲ ਨੇ ਅਕਾਲੀ ਦਲ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨ ਸ਼ਹੀਦ ਹੋਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਪਹਿਲਾਂ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ ਅਤੇ ਬਾਅਦ ਵਿੱਚ ਲੋਕਾਂ ਦੇ ਗੁੱਸੇ ਨੂੰ ਦੇਖਦਿਆਂ ਅਸਤੀਫ਼ੇ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਗੰਭੀਰਤਾ ਨਾਲ ਯਤਨ ਨਹੀਂ ਕੀਤੇ।

ਗਠਜੋੜ ਵਿੱਚ ਵੱਡੇ ਅਤੇ ਛੋਟੇ ਭਰਾ ਦੀ ਭੂਮਿਕਾ ਬਾਰੇ ਚੱਲ ਰਹੀ ਚਰਚਾ ’ਤੇ ਧਾਲੀਵਾਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਕੋਲ ਪੰਜਾਬ ਵਿੱਚ ਕੋਈ ਖ਼ਾਸ ਜਨ ਆਧਾਰ ਨਹੀਂ ਬਚਿਆ। ਉਨ੍ਹਾਂ ਦਾਅਵਾ ਕੀਤਾ ਕਿ ਦੋਵਾਂ ਪਾਰਟੀਆਂ ਦੇ ਅੰਦਰੂਨੀ ਸਰਵੇਖਣਾਂ ਮੁਤਾਬਕ ਉਨ੍ਹਾਂ ਨੂੰ 5 ਤੋਂ 7 ਸੀਟਾਂ ਤੋਂ ਵੱਧ ਨਹੀਂ ਮਿਲਣਗੀਆਂ।

ਆਪਣੇ ਵਿਧਾਨ ਸਭਾ ਹਲਕੇ ਬਾਰੇ ਗੱਲ ਕਰਦਿਆਂ ਧਾਲੀਵਾਲ ਨੇ ਦਾਅਵਾ ਕੀਤਾ ਕਿ ਇਸ ਵਾਰ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਲੋਕਾਂ ਦੇ ਪਿਆਰ ਸਦਕਾ 20 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਕਰਾਰਾ ਜਵਾਬ ਦੇਣਗੇ।