ਨਵੀਂ ਦਿੱਲੀ | ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ‘ਚ ਕਿਸਾਨ ਅੱਜ ਰੇਲਾਂ ਰੋਕ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਦੇਸ਼ ਭਰ ’ਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਰੇਲਵੇ ਜਾਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਤੇ ਵਿਰੋਧ ਸ਼ਾਂਤੀਮਈ ਢੰਗ ਨਾਲ ਪ੍ਰਗਟਾਇਆ ਜਾਵੇ।

ਕਿਸਾਨ ਲੀਡਰਾਂ ਨੇ ਕਿਹਾ ਕਿ ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ਹਿੰਸਾ ਕਾਂਡ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਗ੍ਰਿਫ਼ਤਾਰੀ ਤੇ ਉਸ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਦੇਸ਼ ਭਰ ’ਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਫਿਰ ਵੀ ਮੰਗ ਨਾ ਮੰਨੀ ਤਾਂ ਸਖਤ ਐਕਸ਼ਨ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ’ਚ 3 ਦਰਜਨ ਤੋਂ ਵੱਧ ਰੇਲਵੇ ਲਾਈਨਾਂ ’ਤੇ ਧਰਨੇ ਦੇ ਕੇ ਕਿਸੇ ਵੀ ਰੇਲ ਗੱਡੀ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ।

ਮੋਰਚੇ ਦੇ ਲੀਡਰ ਡਾ. ਦਰਸ਼ਨਪਾਲ ਨੇ ਕਿਹਾ ਕਿ ਰਿਪੋਰਟਾਂ ਮੁਤਾਬਕ ਲਖੀਮਪੁਰ ਖੀਰੀ ਹਿੰਸਾ ਕਾਂਡ ’ਚ ਚਸ਼ਮਦੀਦ ਗਵਾਹਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਆਪਣੇ ਬਿਆਨ ਦਰਜ ਨਾ ਕਰਵਾਉਣ।

ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਨੂੰ ਜੇਲ੍ਹ ’ਚ ਵੀਆਈਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅਜੈ ਮਿਸ਼ਰਾ ਨੂੰ ਵੀ ਹੁਣ ਤੱਕ ਗ੍ਰਿਫ਼ਤਾਰ ਕਰ ਲਿਆ ਜਾਣਾ ਚਾਹੀਦਾ ਸੀ ਪਰ ਸਿਆਸੀ ਸ਼ਹਿ ਕਰਕੇ ਉਹ ਬਚੇ ਹੋਏ ਹਨ।