ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਤਰਨਤਾਰਨ ਦੇ ਜ਼ਿਲਾ ਸਿੱਖਿਆ ਅਫ਼ਸਰ ਨੂੰ ਮੁਅੱਤਲ ਕਰ ਦਿੱਤਾ ਹੈ। ਉਸ ’ਤੇ ਸਰਕਾਰ ਵੱਲੋਂ ਤੈਅ ਮਾਪਦੰਡਾਂ ਮੁਤਾਬਕ ਬੱਚਿਆਂ ਦੀਆਂ ਵਰਦੀਆਂ ਨਾ ਖਰੀਦਣ ਦਾ ਦੋਸ਼ ਹੈ। ਇਸ ਦੌਰਾਨ ਉਹ ਜਲੰਧਰ ਦੇ ਦਫਤਰ ਨਾਲ ਅਟੈਚ ਰਹੇਗੀ।

ਸਿੱਖਿਆ ਵਿਭਾਗ ਅਨੁਸਾਰ ਤਰਨਤਾਰਨ ਦੀ ਡੀਈਓ ਐਲੀਮੈਂਟਰੀ ਦਲਜਿੰਦਰ ਕੌਰ ਨੇ ਸਰਕਾਰੀ ਨਿਯਮਾਂ ਦੇ ਉਲਟ ਜਾ ਕੇ ਵਰਦੀਆਂ ਖਰੀਦੀਆਂ ਹਨ। ਨਾਲ ਹੀ ਉਸ ‘ਤੇ ਗ੍ਰਾਂਟ ‘ਚ ਹੇਰਾ-ਫੇਰੀ ਦਾ ਦੋਸ਼ ਹੈ। ਵਿਭਾਗ ਦੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਵਿਭਾਗ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕਿਹਾ ਕਿ ਮੁਅੱਤਲੀ ਦੀ ਮਿਆਦ ਦੌਰਾਨ ਉਸ ਨੂੰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।

ਸਰਕਾਰੀ ਸਕੂਲਾਂ ‘ਚ ਪੜ੍ਹਦੇ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਵਰਦੀਆਂ ਅਤੇ ਹੋਰ ਸਾਮਾਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਲਈ ਲੋੜੀਂਦੇ ਫੰਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਸਰਕਾਰੀ ਸਕੂਲਾਂ ‘ਚ ਲੋੜਵੰਦ ਘਰਾਂ ਦੇ 2500000 ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ।