ਗੈਂਗਸਟਰਾਂ ਦੇ ਨਾਂ ‘ਤੇ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਤੋਂ ਪ੍ਰੇਸ਼ਾਨ ਦੁਕਾਨਦਾਰ, ਬਾਜ਼ਾਰ ਬੰਦ ਕਰ ਕੀਤਾ ਸਰਕਾਰ ਖਿਲਾਫ ਪ੍ਰਦਰਸ਼ਨ

0
737

ਬਠਿੰਡਾ| ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਦੁਕਾਨਦਾਰਾਂ ਤੋਂ ਗੈਂਗਸਟਰਾਂ ਦੇ ਨਾਂ ‘ਤੇ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਰੋਸ ‘ਚ ਅੱਜ ਸ਼ਹਿਰ ਵਾਸੀਆਂ ਨੇ ਬਾਜ਼ਾਰ ਮੁਕੰਮਲ ਤੌਰ ‘ਤੇ ਬੰਦ ਕਰ ਕੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਨਿਸ਼ਾਨ ਏ ਖਾਲਸਾ ਚੌਕ ਵਿੱਚ ਧਰਨਾ ਲਗਾ ਦਿੱਤਾ। ਧਰਨੇ ਦੌਰਾਨ ਸਮੂਹ ਸੰਸਥਾਵਾਂ ਦੇ ਮੁੱਖੀ, ਐਸੋਸੀਏਸ਼ਨ ਅਤੇ ਮੰਡੀ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਧਰਨੇ ਦੌਰਾਨ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਮੰਡੀ ਵਾਸੀਆਂ ਨੇ ਪੰਜਾਬ ਸਰਕਾਰ ‘ਤੇ ਸੁਰੱਖਿਆ ਨੂੰ ਲੈ ਕੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ । ਪ੍ਰਦਰਸ਼ਨਕਾਰੀਆਂ ਨੇ ਗੈਂਗਸਟਰਾਂ ਵੱਲੋਂ ਜਿਨ੍ਹਾਂ ਦੁਕਾਨਦਾਰਾਂ ਤੋਂ ਫਰੌਤੀ ਮੰਗੀ ਜਾਂ ਲਈ ਗਈ ਹੈ, ਉੇਨ੍ਹਾਂ ਦੀ ਸੁਰੱਖਿਆ ਦੀ ਮੰਗ ਕੀਤੀ, ਉਥੇ ਹੀ ਦੋ ਦਿਨਾਂ ਵਿੱਚ ਦੋਸ਼ੀਆਂ ਨੂੰ ਨਾ ਫੜੇ ਜਾਣ ‘ਤੇ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ, ਜਦਕਿ ਪੁਲਸ ਨੇ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸੁਰੂ ਕਰ ਦਿੱਤੀ ਹੈ।

ਪਿਛਲੇ ਕੁੱਝ ਦਿਨਾਂ ਤੋਂ ਇਤਿਹਾਸਕ ਸ਼ਹਿਰ ਤਲਵੰਡੀ ਸਾਬੋ ਅੰਦਰ ਗੈਂਗਸਟਰਾਂ ਦੇ ਨਾਮ ‘ਤੇ ਦਹਿਸ਼ਤ ਫੈਲਾਈ ਜਾ ਰਹੀ ਸੀ। ਇਥੋਂ ਤੱਕ ਕਿ ਗੈਂਗਸਟਰਾਂ ਨਾਲ ਦੁਕਾਨਦਾਰਾਂ ਦੀ ਫੋਨ ‘ਤੇ ਗੱਲ ਕਰਵਾ ਕੇ ਫਿਰੌਤੀ ਮੰਗੀ ਜਾ ਰਹੀ ਸੀ ਭਾਵੇਂ ਕਿ ਬਹੁਤ ਸਾਰੇ ਦੁਕਾਨਦਾਰਾਂ ਤੋਂ ਗੈਂਗਸਟਰਾਂ ਵੱਲੋਂ ਲੱਖਾਂ ਰੁਪਏ ਦੀ ਫਰੌਤੀ ਵੀ ਲੈ ਲਈ ਗਈ ਸੀ। ਬੀਤੇ ਦਿਨ ਵੀ ਇਕ ਨਾਮੀ ਦੁਕਾਨਦਾਰ ਤੋਂ ਸਵੇਰੇ ਉਸ ਦੀ ਦੁਕਾਨ ‘ਤੇ ਪੁੱਜ ਕੇ ਕੁਝ ਨੌਜਵਾਨਾਂ ਨੇ ਇਕ ਨਾਮੀ ਗੈਂਗਸਟਰ ਦੇ ਨਾਂ ‘ਤੇ ਉਸ ਕੋਲੋਂ ਪੰਜ ਲੱਖ ਰੁਪਏ ਦੀ ਫਿਰੌਤੀ ਮੰਗੀ, ਜਿਸ ਤੋਂ ਬਾਅਦ ਵਪਾਰੀਆਂ ਅਤੇ ਦੁਕਾਨਦਾਰਾਂ ਦੀ ਇਕੱਤਰਤਾ ਹੋ ਗਏ ਅਤੇ ਸੋਮਵਾਰ ਨੂੰ ਦੁਕਾਨਾਂ ਬੰਦ ਕਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਭੰਗੜਾ ਪਾਉਣਾ ਛੱਡ ਕੇ ਲੋਕਾਂ ਦੀ ਸੁਰੱਖਿਆ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ।