ਡਿਵੀਜ਼ਨਲ ਕਮਿਸ਼ਨਰ ਵੱਲੋਂ ਅਮਨ-ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਆਈ.ਜੀ., ਡੀ.ਸੀ. ਤੇ ਐਸ.ਐਸ.ਪੀ ਨਾਲ ਮੀਟਿੰਗ

0
792

ਆਪਸੀ ਭਾਈਚਾਰਾ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਲੋਕ – ਚੰਦਰ ਗੈਂਦ
ਪਟਿਆਲਾ | ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰੀਕ ਨਾਲ ਮੀਟਿੰਗ ਕਰਕੇ ਕੁਝ ਜ਼ਿਲ੍ਹਿਆਂ ‘ਚ ਵਾਪਰੀਆਂ ਘਟਨਾਵਾਂ ਦੇ ਸਨਮੁੱਖ ਪਟਿਆਲਾ ਜ਼ਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।

ਡਿਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਇਸ ਮੌਕੇ ਅਧਿਕਾਰੀਆਂ ਨਾਲ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕਰਦਿਆਂ ਅਮਨ-ਕਾਨੂੰਨ ਦੀ ਸਥਿਤੀ ‘ਤੇ ਗਹਿਰਾਈ ਨਾਲ ਚਰਚਾ ਕੀਤੀ ਅਤੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਆਪਣੇ ਹੱਥ ‘ਚ ਲੈਣ ਦੀ ਇਜ਼ਾਜਤ ਨਾ ਦਿੱਤੀ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ‘ਚ ਆਪਸੀ ਭਾਈਚਾਰਾ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ।

ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਲੋਕਾਂ ਨੂੰ ਸੁਚੇਤ ਹੋਕੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕਰਕੇ ਗ਼ਲਤ ਅਤੇ ਤੱਥਹੀਣ ਜਾਪਦੀ ਸੂਚਨਾ ਬਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਪੁਸ਼ਟੀ ਜਰੂਰ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਸਮਾਜ ‘ਚ ਆਪਸੀ ਫੁਟ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ. ਦੀਪਕ ਪਾਰੀਕ ਨੇ ਕਿਹਾ ਕਿ ਪੁਲਿਸ ਵੱਲੋਂ ਜ਼ਿਲ੍ਹੇ ‘ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਹਨ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮਜ਼ ਪਟਿਆਲਾ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਸੰਜੀਵ ਕੁਮਾਰ, ਕੰਨੂ ਗਰਗ ਤੇ ਨਵਦੀਪ ਕੁਮਾਰ ਵੀ ਮੌਜੂਦ ਸਨ।