ਚੰਡੀਗੜ੍ਹ | ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।

ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਲੋਕ ਹਿੱਤ ਵਿਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾਅ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਰਮੇਸ਼ ਕੁਮਾਰ ਗੈਂਟਾ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਸੁਪਰਡੈਂਟ ਅਮਰਜੀਤ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।