ਜਲੰਧਰ ਜ਼ਿਲ੍ਹਾ ਪ੍ਰਸਾਸ਼ਨ ਦੇ ਯਤਨਾਂ ਸਦਕਾ ਕਿਸਾਨਾਂ ਦੇ ਦੋ ਧਰਨੇ ਖਤਮ, ਡੀਸੀ ਨੇ ਕਿਹਾ- ਲਿਫਟਿੰਗ ‘ਚ ਲਿਆਂਦੀ ਜਾਵੇਗੀ ਹੋਰ ਤੇਜ਼ੀ

0
515

ਜਲੰਧਰ, 21 ਅਕਤੂਬਰ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਦੇ ਆਗੂਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਅਤੇ ਮੀਟਿੰਗ ਉਪਰੰਤ ਕਿਸਾਨ ਆਗੂਆਂ ਨੇ ਧਰਨਾ ਸਮਾਪਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਜਲੰਧਰ-1 ਰਣਦੀਪ ਸਿੰਘ ਹੀਰ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜਲੰਧਰ-ਫਗਵਾੜਾ ਹਾਈਵੇਅ ਉਪਰ ਲਗਾਏ ਧਰਨੇ ਵਿੱਚ ਭੇਜ ਕੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਤੋਂ ਜਾਣੂ ਕਰਵਾਕੇ ਧਰਨਾ ਚੁਕਵਾਇਆ।

ਧਰਨੇ ਚੁੱਕਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਝੋਨੇ ਦੀ ਖਰੀਦ ਅਤੇ ਅਦਾਇਗੀ ਸਮੇਂ-ਸਿਰ ਕੀਤੀ ਜਾ ਰਹੀ ਹੈ, ਉੱਥੇ 100 ਫੀਸਦੀ ਲਿਫਟਿੰਗ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਸਖਤ ਹਦਾਇਤ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਰਾਈਸ ਮਿੱਲਰਜ਼ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।

ਡਾ. ਅਗਰਵਾਲ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਮਾਪਦੰਡਾਂ ਅਨੁਸਾਰ ਹੀ ਝੋਨੇ ਦੀ ਖਰੀਦ ਕਰਕੇ ਲਿਫਟਿੰਗ ਯਕੀਨੀ ਬਣਾਈ ਜਾਵੇਗੀ। ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਖ਼ਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਨੂੰ ਹੋਰ ਅਸਰਦਾਰ ਢੰਗ ਨਾਲ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਸਖਤ ਆਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਭਰੋਸਾ ਦੁਆਇਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਦੌਰਾਨ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 269 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ 78 ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਚੱਲ ਰਹੀ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 13,400 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਵਲੋਂ ਤੁਰੰਤ ਧਰਨਾ ਚੁੱਕਣ ਦਾ ਫੈਸਲਾ ਲਿਆ ਗਿਆ।

ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਖਰੀਦ, ਅਦਾਇਗੀ ਅਤੇ ਲਿਫਟਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਅਧੀਨ ਪੈਂਦੀਆਂ ਮੰਡੀਆਂ ਵਿੱਚ ਜਾ ਕੇ ਹੋਰ ਗੰਭੀਰਤਾ ਨਾਲ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।