ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਸ੍ਰੀ ਮੁਕਤਸਰ ਸਾਹਿਬ ਵਿੱਚ ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇਕੱਠੇ ਹੋ ਕੇ ਖੁਸ਼ੀ ਮਨਾਈ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇੱਕ-ਦੂਜੇ ਨੂੰ ਜੱਫੀਆਂ ਪਾਈਆਂ ਅਤੇ ਲੱਡੂ ਖੁਆ ਕੇ ਮੂੰਹ ਮਿੱਠਾ ਕਰਵਾਇਆ।
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਭੰਗੇਵਾਲਾ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਨੌਂ ਮਹੀਨੇ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਕਈ ਕਾਰਨਾਂ ਕਰਕੇ ਦੋਵੇਂ ਪਾਰਟੀਆਂ ਛੇ ਸਾਲ ਤੱਕ ਇਕੱਠੀਆਂ ਨਹੀਂ ਰਹੀਆਂ, ਪਰ ਹੁਣ ਮੁੜ ਇਕੱਠੀਆਂ ਹੋ ਗਈਆਂ ਹਨ।
ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਲੁੱਟ-ਖੋਹ ਅਤੇ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ। ਉਨ੍ਹਾਂ ਦਾ ਮੁੱਖ ਮਕਸਦ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣੇਗੀ।








































