ਵਿਧਾਨ ਸਭਾ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ‘ਤੇ ਤਿੱਖੀ ਬਹਿਸ ਦੌਰਾਨ CM ਮਾਨ ਨੇ ਵਿਰੋਧੀਆਂ ਨੂੰ ਲਾਏ ਰਗੜੇ

0
408

ਚੰਡੀਗੜ੍ਹ | ਸੂਬੇ ਦਾ ਖ਼ਜ਼ਾਨਾ ਲੁੱਟਣ ਲਈ ਵਿਰੋਧੀ ਧਿਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਜਨਤਾ ਦਾ ਪੈਸਾ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਦਾਗੀ ਆਗੂਆਂ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਦਾ ਵਿਰੋਧ ਕਰਕੇ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਆਲੋਚਨਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਭ੍ਰਿਸ਼ਟਾਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਸੂਬੇ ਨੂੰ ਲੁੱਟਣ ਅਤੇ ਤਬਾਹ ਕਰਨ ਵਾਲੇ ਇਨ੍ਹਾਂ ਗੁਨਾਹਗਾਰਾਂ ਵਿਰੁੱਧ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਕਾਂਗਰਸੀ ਆਗੂ ਉਨ੍ਹਾਂ ਲੋਕਾਂ ਨੂੰ ਸਰਪ੍ਰਸਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਨੇ ਲੋਕਾਂ ਵੱਲੋਂ ਦਿੱਤੀ ਤਾਕਤ ਦੀ ਦੁਰਵਰਤੋਂ ਕਰ ਕੇ ਸੂਬੇ ਦੀ ਦੌਲਤ ਦੀ ਅੰਨ੍ਹੀ ਲੁੱਟ ਕੀਤੀ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਭ੍ਰਿਸ਼ਟ ਆਗੂ ਭਾਵੇਂ ਉਹ ਸੱਤਾਧਾਰੀ ਧਿਰ ਦੇ ਹੋਣ ਜਾਂ ਵਿਰੋਧੀ ਧਿਰ ਦੇ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਭ੍ਰਿਸ਼ਟਾਚਾਰ ‘ਚ ਡੂੰਘੇ ਧਸੇ ਹੋਣ ਉਤੇ ਕਾਂਗਰਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰ ਕੇ ਜਨਤਾ ਦੀ ਦੌਲਤ ਲੁੱਟੀ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਭ੍ਰਿਸ਼ਟ ਨੇਤਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਕੋਈ ਨਹੀਂ ਰੋਕ ਸਕਦਾ।

ਕਾਂਗਰਸੀ ਆਗੂਆਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਬੈਂਚਾਂ ‘ਤੇ ਬੈਠੇ ਬਹੁਤੇ ਕਾਂਗਰਸੀ ਆਗੂ ਦਾਗ਼ੀ ਹਨ। ਉਨ੍ਹਾਂ ਬਾਜਵਾ ਨੂੰ ਕਿਹਾ ਕਿ ਭਾਵੇਂ ਇਹ ਆਗੂ ਇਨ੍ਹਾਂ ਸੀਟਾਂ ‘ਤੇ ਤੁਹਾਡੇ ਵਿਚਕਾਰ ਬੈਠੇ ਹਨ ਪਰ ਉਨ੍ਹਾਂ ਨੂੰ ਵੀ ਜਲਦੀ ਹੀ ਆਪਣੇ ਗੁਨਾਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ ਕਿਉਂਕਿ ਇਨ੍ਹਾਂ ਵਿਰੁੱਧ ਕਾਰਵਾਈ ਹੋਣੀ ਲਾਜ਼ਮੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਖ਼ਿਲਾਫ਼ ਹੋਏ ਅਪਰਾਧਾਂ ਵਿੱਚ ਕਈ ਕਾਂਗਰਸੀ ਆਗੂਆਂ ਦੇ ਨਾਂ ਸ਼ਾਮਲ ਹਨ ਅਤੇ ਉਨ੍ਹਾਂ ਦੀ ਸਰਕਾਰ ਅਜਿਹੇ ਆਗੂਆਂ ਨੂੰ ਆਪਣੀਆਂ ਨਾਪਾਕ ਹਰਕਤਾਂ ਲਈ ਜਵਾਬਦੇਹ ਬਣਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਭ੍ਰਿਸ਼ਟ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਪਰ ਕਾਂਗਰਸ ਨੇ ਹਮੇਸ਼ਾ ਅਜਿਹੇ ਆਗੂਆਂ ਦਾ ਬਚਾਅ ਕੀਤਾ ਹੈ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਇਕ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਕਾਂਗਰਸ ਹਾਈ ਕਮਾਂਡ ਨੂੰ ਸੌਂਪੀ ਸੀ। ਭਗਵੰਤ ਮਾਨ ਨੇ ਵਿਅੰਗ ਕਸਦਿਆਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਇਨ੍ਹਾਂ ਭ੍ਰਿਸ਼ਟ ਆਗੂਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪਾਰਟੀ ਨੂੰ ਨਮੋਸ਼ੀ ਤੋਂ ਬਚਾਉਣ ਲਈ ਸੂਚੀ ਦੇ ਮਾਮਲੇ ਵਿੱਚ ਝੁਕ ਗਈ, ਜਿਸ ਨਾਲ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ।