ਬਰਸਾਤ ਦੇ ਮੌਸਮ ਦੌਰਾਨ ਡਿਪਟੀ ਕਮਿਸ਼ਨਰ ਨੇ ਪਾਣੀ ਜਮਾ ਹੋਣ ਦੀ ਸਥਿਤੀ ਦਾ ਲਿਆ ਜਾਇਜ਼ਾ

0
676
ਜਲੰਧਰ, 4 ਸਤੰਬਰ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੰਗਲਵਾਰ ਨੂੰ ਬਰਸਾਤ ਦੇ ਮੌਸਮ ਦੌਰਾਨ ਸ਼ਹਿਰ ਦੇ ਪਾਣੀ ਭਰੇ ਖੇਤਰਾਂ ਦਾ ਦੌਰਾ ਕਰਦਿਆਂ ਪਾਣੀ ਦੀ ਤੁਰੰਤ ਨਿਕਾਸੀ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ।
ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਸਮੇਤ ਡਿਪਟੀ ਕਮਿਸ਼ਨਰ ਨੇ ਰੇਲਵੇ ਰੋਡ, ਭਗਵਾਨ ਵਾਲਮੀਕਿ ਚੌਕ, ਪਟੇਲ ਚੌਕ, ਫਗਵਾੜਾ ਗੇਟ, ਪੀਏਪੀ ਚੌਕ, ਮਾਈ ਹੀਰਾਂ ਗੇਟ ਅਤੇ ਸ਼ਹਿਰ ਦੇ ਹੋਰ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਨੂੰ ਬਰਸਾਤੀ ਪਾਣੀ ਭਰਨ ਦੀ ਸਥਿਤੀ ਤੋਂ ਨਿਜਾਤ ਦਿਵਾਉਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਫੌਰੀ ਹੱਲ ਦੇ ਤੌਰ ‘ਤੇ ਸ਼ਹਿਰ ਦੀਆਂ ਗਲੀਆਂ ਚੋਂ ਪਾਣੀ ਦੀ ਤੁਰੰਤ ਨਿਕਾਸੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਮੀਂਹ ਕਾਰਨ ਲੋਕਾਂ ਨੂੰ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ, ਜਿਸ ਦੇ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਇੱਕਜੁੱਟ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਡਾ. ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਜਮਾ ਹੋਣ ਵਾਲੇ ਇਲਾਕਿਆਂ ਨੂੰ ਜਲਦ ਤੋਂ ਜਲਦ ਸਾਫ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਖਾਸਕਰ ਮੀਂਹ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਲਈ ਵਿਆਪਕ ਯੋਜਨਾਬੰਦੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਗਰ ਨਿਗਮ ਨੂੰ ਅਜਿਹੀ ਯੋਜਨਾ ਦਾ ਖਰੜਾ ਤਿਆਰ ਕਰਨ ਲਈ ਕਿਹਾ ਤਾਂ ਜੋ ਸ਼ਹਿਰਵਾਸੀਆਂ ਨੂੰ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਰਾਜ ਸਰਕਾਰ ਦੇ ਸਾਹਮਣੇ ਵੀ ਰੱਖਣਗੇ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ, ਉਨ੍ਹਾਂ ਜਲੰਧਰ ਨਗਰ ਨਿਗਮ ਦੇ ਫੀਲਡ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚ ਬਰਸਾਤੀ ਪਾਣੀ ਭਰਨ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਉਤਸ਼ਾਹਿਤ ਕੀਤਾ। ਜਲੰਧਰ ਨਗਰ ਨਿਗਮ ਦੀ ਸਾਰੀ ਟੀਮ ਮੌਕੇ ‘ਤੇ ਮੌਜੂਦ ਸੀ।