ਚੰਡੀਗੜ੍ਹ | ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਪੰਜਾਬ ਦੇ ਤਿੰਨ ਸਾਬਕਾ ਮੰਤਰੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਕਰੇਗਾ। ਵਿਜੀਲੈਂਸ ਨੇ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਨਾਲ ਸਬੰਧਤ ਫਾਈਲਾਂ ਈਡੀ ਨੂੰ ਸੌਂਪ ਦਿੱਤੀਆਂ ਹਨ। ਸੂਤਰਾਂ ਅਨੁਸਾਰ ਉਪਰੋਕਤ ਤਿੰਨਾਂ ਮੰਤਰੀਆਂ ਦੇ ਦੇਸ਼-ਵਿਦੇਸ਼ ਵਿੱਚ ਪੈਸੇ ਦੇ ਲੈਣ-ਦੇਣ ਅਤੇ ਜਾਇਦਾਦਾਂ ਦੀ ਖਰੀਦ-ਵੇਚ ਦੀ ਜਾਂਚ ਕੀਤੀ ਜਾਵੇਗੀ।

ਈਡੀ ਨੇ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਉਨ੍ਹਾਂ ਕੇਸਾਂ ਦੀਆਂ ਫਾਈਲਾਂ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ, ਜਿਨ੍ਹਾਂ ਵਿੱਚ ਮੁਲਜ਼ਮਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਲਾਇਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਪਹਿਲਾਂ ਈਡੀ ਨੂੰ ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ਦੇ ਦਸਤਾਵੇਜ਼ ਉਪਲਬਧ ਕਰਵਾਏ ਸਨ।

ਵਿਜੀਲੈਂਸ ਬਿਊਰੋ ਨਾਲ ਮਿਲ ਕੇ ਈਡੀ ਨੇ ਸਿਆਸੀ ਆਗੂਆਂ ਅਤੇ ਸਰਕਾਰੀ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਹੋਰ ਅਪਰਾਧਿਕ ਮਾਮਲਿਆਂ ਦੇ ਨਾਲ-ਨਾਲ ਵਿੱਤੀ ਬੇਨਿਯਮੀਆਂ ਦੇ ਵੀ ਮਾਮਲੇ ਦਰਜ ਹਨ। ਵਿਦੇਸ਼ ਭੱਜ ਗਏ ਖੁਰਾਕ ਤੇ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਦੀਆਂ ਜਾਇਦਾਦਾਂ ਦਾ ਰਿਕਾਰਡ ਤਿਆਰ ਕਰ ਲਿਆ ਗਿਆ ਹੈ।

ਸੂਤਰਾਂ ਨੇ ਦਾਅਵਾ ਕੀਤਾ ਕਿ 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵੀ ਈਡੀ ਦੀ ਐਂਟਰੀ ਹੋਣ ਵਾਲੀ ਹੈ। ਈਡੀ ਨੇ ਵਿਜੀਲੈਂਸ ਬਿਊਰੋ ਤੋਂ ਇਸ ਮਾਮਲੇ ਵਿੱਚ ਹੁਣ ਤੱਕ ਮੁਲਜ਼ਮ 2 ਸਾਬਕਾ ਮੰਤਰੀਆਂ ਦੇ ਨਾਲ-ਨਾਲ 3 ਸੇਵਾਮੁਕਤ ਆਈਏਐਸ ਅਧਿਕਾਰੀਆਂ ਤੋਂ ਕੀਤੀ ਪੁੱਛਗਿੱਛ ਅਤੇ ਇਸ ਮਾਮਲੇ ਵਿੱਚ ਜੋ ਤੱਥ ਸਾਹਮਣੇ ਆਏ ਹਨ, ਉਨ੍ਹਾਂ ਬਾਰੇ ਜਾਣਕਾਰੀ ਮੰਗੀ ਹੈ। ਇਨ੍ਹਾਂ ਤੋਂ ਇਲਾਵਾ ਈਡੀ ਨੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਾਹਮਣੇ ਆਏ ਲੁਧਿਆਣਾ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲਿਆਂ ਦੀਆਂ ਫਾਈਲਾਂ ਵੀ ਮੰਗੀਆਂ ਹਨ।