ਚੰਡੀਗੜ੍ਹ | ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ।ਇਸ ਪੱਤਰ ‘ਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣ ਸਕੀਏ।

ਉਨ੍ਹਾਂ ਸਕੂਲ ਵਿਭਾਗ ਦੇ ਉਹਨਾਂ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੀ ਸਲਾਮ ਕਿਹਾ ਹਾਂ ਜੋ ਆਪਣੀ ਨੇਕ ਕਮਾਈ ਵਿੱਚੋਂ ਬਹੁਤ ਸਾਰਾ ਪੈਸਾ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਨੂੰ ਸੁੰਦਰ ਬਣਾਉਣ ਵਾਸਤੇ ਖਰਚ ਕਰ ਰਹੇ ਹਨ।

ਉਨ੍ਹਾਂ ਪੱਤਰ ਵਿੱਚ ‘ਮਿਸ਼ਨ-100 ਪ੍ਰਤੀਸ਼ਤ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਜ ਪ੍ਰਤੀ ਅਧਿਆਪਕਾਂ ਦਾ ਸਮਰਪਣ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਦਾਖ਼ਲਾ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਇਸ ਮੁਹਿੰਮ ਦਾ ਮਕਸਦ ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੀ ਨਹੀਂ ਸਗੋਂ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਉਨ੍ਹਾਂ ਦਾ ਵਿਸ਼ਵਾਸ ਬਹਾਲ ਕਰਨਾ ਵੀ ਹੈ।

ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ‘ਸਕੂਲ ਆਫ਼ ਐਮੀਨੈਂਸ’ ਦੀ ਰਜਿਸਟਰੇਸ਼ਨ ਵੱਧ ਤੋਂ ਵੱਧ ਕਰਵਾ ਕੇ ਵਿਦਿਆਰਥੀਆਂ ਨੂੰ ਇਨ੍ਹਾਂ ਸਕੂਲਾਂ ਦੇ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਵੀ ਕਰਵਾਓ।