ਜਲੰਧਰ, 18 ਮਈ | ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ ਮਨਾਈ ਜਾ ਰਹੀ ਸਲਾਨਾ 37 ਵੀ ਬਰਸੀਂ ਮੌਕੇ ਨਿਰਮਲ ਕੁਟੀਆ ਸੀਚੇਵਾਲ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਸੰਤ ਸੁਖਜੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸੱਦਾ ਪੱਤਰ ਸਵੀਕਾਰ ਕਰਦਿਆ ਨਿਰਮਲ ਕੁਟੀਆ ਸੀਚੇਵਾਲ ਆਉਣ ਦਾ ਭਰੋਸਾ ਦਿੱਤਾ ਹੈ।
ਸੰਤ ਸੁਖਜੀਤ ਸਿੰਘ ਦੀ ਅਗਵਾਈ ਹੇਠ ਗਏ ਵਫ਼ਦ ਨੇ ਪੰਜਾਬ ਦੇ ਮੁਖ ਮੰਤਰੀ ਨੂੰ ਸੱਦਾ ਪੱਤਰ ਦਿੰਦਿਆ ਦੱਸਿਆ ਕਿ ਸ੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ ਸਲਾਨਾ ਬਰਸੀ ਸਮਾਗਮਾਂ ਦੌਰਾਨ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਅਗਵਾਈ ਹੇਠ ਬੱਚਿਆ ਨੂੰ ਗੁਰਬਾਣੀ ਨਾਲ ਜੋੜ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਇਸ ਮੌਕੇ ਜਿੱਥੇ ਗੁਰਮਿਤ ਸਮਾਗਮ ਕਰਵਾਇਆ ਜਾਂਦਾ ਹੈ, ਉਥੇ ਹਾਕੀ, ਕੁਸ਼ਤੀਆਂ, ਕੱਬਡੀ, ਗੱਤਕਾ ਅਤੇ ਵਾਲੀਬਾਲ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ।
ਸੰਤ ਸੁਖਜੀਤ ਸਿੰਘ ਨੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ 27 ਮਈ ਨੂੰ ਬਰਸੀ ਦਾ ਮੁੱਖ ਸਮਾਗਮ ਹੋਵੇਗਾ ਜਿਸ ਵਿੱਚ ਸੰਤ ਸਮਾਜ ਦੇ ਆਗੂਆਂ ਤੋਂ ਇਲਾਵਾ ਵਾਤਾਵਰਨ ਪ੍ਰੇਮੀ ਅਤੇ ਹੋਰ ਬੁਧੀਜੀਵੀ ਸਮਾਗਮ ਵਿੱਚ ਸ਼ਿਰਕਤ ਕਰਨਗੇ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਮਿਲਣ ਵਾਲੇ ਵਫ਼ਦ ਵਿੱਚ ਹੋਰਨਾਂ ਤੋਂ ਇਲਾਵਾ ਹਰਦੇਵ ਸਿੰਘ ਦੌਧਰ, ਮਨੋਹਰ ਸਿੰਘ ਅਤੇ ਦਇਆ ਸਿੰਘ ਉਚੇਚੇ ਤੌਰ ‘ਤੇ ਸ਼ਾਮਿਲ ਸਨ।







































