ਚੰਡੀਗੜ੍ਹ | ਪੰਜਾਬ ‘ਚ ਅਜੇ ਮਈ ਮਹੀਨੇ ਦੀ ਗਰਮੀ ਦੇਖਣ ਨੂੰ ਨਹੀਂ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਾਰ-ਵਾਰ ਬਦਲ ਰਿਹਾ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਈ ਦੇ ਪਹਿਲੇ 6 ਦਿਨਾਂ ਵਿੱਚ ਪੰਜਾਬ ਵਿੱਚ ਆਮ ਨਾਲੋਂ 157 ਫੀਸਦੀ ਵੱਧ ਮੀਂਹ ਪਿਆ ਹੈ ਪਰ ਹੁਣ ਆਉਣ ਵਾਲੇ ਦਿਨਾਂ ਵਿੱਚ ਗਰਮੀ ਪੈਣ ਦੇ ਆਸਾਰ ਹਨ।
ਮੌਸਮ ਵਿਭਾਗ ਮੁਤਾਬਕ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਵੀ ਪੂਰੇ ਪੰਜਾਬ ‘ਚ ਭਾਰੀ ਮੀਂਹ ਪਿਆ। ਪੰਜਾਬ ਦੇ ਪਠਾਨਕੋਟ ਵਿੱਚ ਪਿਛਲੇ 24 ਘੰਟਿਆਂ ਵਿੱਚ 10.2 ਮਿਲੀਮੀਟਰ, ਗੁਰਦਾਸਪੁਰ ਵਿੱਚ 9.6 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 6.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ 2 ਅਤੇ ਲੁਧਿਆਣਾ ਵਿੱਚ 1.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਪਰ ਸਵੇਰ ਤੋਂ ਹੀ ਇਨ੍ਹਾਂ ਸ਼ਹਿਰਾਂ ਵਿੱਚ ਸੂਰਜ ਫਿਰ ਤੋਂ ਖਿੜ ਗਿਆ। ਇਸ ਦੇ ਨਾਲ ਹੀ ਕਰੀਬ 40 ਕਿ.ਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਰਹੀਆਂ ਹਨ।
ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਕ ਹਫ਼ਤੇ ਤੱਕ ਪੰਜਾਬ ਵਿੱਚ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ ਪਰ 14 ਮਈ ਦੇ ਆਸ-ਪਾਸ ਇੱਕ-ਦੋ ਦਿਨ ਮੁੜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਇਸ ਇੱਕ ਹਫ਼ਤੇ ਵਿੱਚ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 41 ਡਿਗਰੀ ਤੱਕ ਪਹੁੰਚ ਸਕਦਾ ਹੈ।