ਹੁਸ਼ਿਆਰਪੁਰ, 12 ਦਸੰਬਰ| ਊਨਾ ਰੋਡ ‘ਤੇ ਸਥਿਤ ਪੰਜਾਬ ਯੂਨੀਵਰਸਿਟੀ ਦੇ ਪੀਜੀ ‘ਚ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕ ਦੀ ਪਛਾਣ ਆਦਿਤਿਆ ਯਾਦਵ ਵਜੋਂ ਹੋਈ ਹੈ। ਆਦਿਤਿਆ ਚੰਡੀਗੜ੍ਹ ਦਾ ਰਹਿਣ ਵਾਲਾ ਸੀ। ਮਾਮਲੇ ਸਬੰਧੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਾਣਕਾਰੀ ਅਨੁਸਾਰ ਦੁਪਹਿਰ ਬਾਅਦ ਇੱਕ ਵਿਦਿਆਰਥੀ ਪੀਜੀ ਦੇ ਸੁਰੱਖਿਆ ਗਾਰਡ ਕੋਲ ਆਇਆ ਅਤੇ ਉਸ ਨੂੰ ਸੂਚਨਾ ਦਿੱਤੀ ਕਿ ਇੰਜੀਨੀਅਰਿੰਗ ਦੇ ਤੀਜੇ ਸਾਲ ਦੇ ਵਿਦਿਆਰਥੀ ਆਦਿਤਿਆ ਯਾਦਵ ਨੇ ਆਪਣੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਲਿਆ ਹੈ।
ਇਸ ਤੋਂ ਬਾਅਦ ਉਸ ਨੇ ਜਾ ਕੇ ਦੇਖਿਆ ਕਿ ਆਦਿਤਿਆ ਯਾਦਵ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਇਸ ਤੋਂ ਬਾਅਦ ਤੁਰੰਤ ਥਾਣਾ ਸਦਰ ਨੂੰ ਸੂਚਨਾ ਦਿੱਤੀ ਗਈ।
ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦਾ ਮੋਬਾਈਲ ਫੋਨ ਜ਼ਬਤ ਕਰ ਲਿਆ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸੂਤਰਾਂ ਮੁਤਾਬਕ ਮੌਕੇ ਤੋਂ ਇਕ ਸੁਸਾਈਡ ਨੋਟ ਮਿਲਿਆ ਹੈ। ਥਾਣਾ ਸਦਰ ਦੀ SHO ਪ੍ਰਭਜੋਤ ਕੌਰ ਨੇ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਇਸ ਬਾਰੇ ਕੁਝ ਕਿਹਾ ਜਾ ਸਕਦਾ ਹੈ। ਉਸ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਉਹ ਡਿਪ੍ਰੈਸ਼ਨ ‘ਚ ਸੀ।