ਫਾਜ਼ਿਲਕਾ. ਸਥਾਨਕ ਜ਼ਿਲ੍ਰਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲਾ ਪੱਧਰ ’ਤੇ ਚਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਸ਼ਾਸਨ ਵਲੋਂ ਸਮੀਖਿਆ ਮੀਟਿਗ ਕੀਤੀ ਗਈ। ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਸਮੂਹ ਖਰੀਦ ਏਜੰਸੀਆਂ ਤੋਂ ਅਦਾਇਗੀ, ਲਿਫਟਿੰਗ, ਬਾਰਦਾਨੇ ਬਾਰੇ ਜਾਣਕਾਰੀ ਲੈਂਦਿਆਂ ਸਮੁੱਚੇ ਕਾਰਜ਼ਾਂ ਨੂੰ ਸਮੇਂ ਨਾਲ ਨੇਪਰੇ ਚੜਾਉਣ ਦੇ ਆਦੇਸ਼ ਜਾਰੀ ਕੀਤੇ।
ਉਨਾਂ ਜ਼ਿਲਾ ਮੰਡੀ ਅਫ਼ਸਰ ਨੂੰ ਹਰੇਕ ਸਬ ਡਵੀਜ਼ਨ ਪੱਧਰ ’ਤੇ ਆੜਤੀਆਂ ਨਾਲ ਸਮੇਤ ਖਰੀਦ ਏਜੰਸੀਆਂ ਮੀਟਿੰਗ ਕਰਕੇ ਕਿਸਾਨਾਂ ਨੂੰ ਕੀਤੀ ਅਦਾਇਗੀ ਸਬੰਧੀ ਪੋਰਟਲ’ਤੇ ਜੇ ਫਾਰਮ ਅਪਲੋਡ ਕਰਨ ਬਾਰੇ ਜਾਣੂ ਕਰਵਾਉਣ ਲਈ ਕਿਹਾ। ਉਨਾਂ ਕਿਹਾ ਕਿ ਖਰੀਦ ਕੀਤੀ ਕਣਕ ਦੀ ਨਾਲੋ ਨਾਲ ਲਿਫਟਿੰਗ ਕਰਵਾਉਣੀ ਯਕੀਨੀ ਬਣਾਏ ਜਾਵੇ।

ਉਨ੍ਹਾਂ ਨੇ ਖਰੀਦ ਏਜੰਸੀਆਂ ਵੱਲੋ ਕਿਸਾਨਾਂ ਦੀ ਖਰੀਦ ਕੀਤੀ ਕਣਕ ਦੀ 90 ਫੀਸਦੀ ਅਦਾਇਗੀ ਹੋਣ ਬਾਰੇ ਜਾਣੂ ਕਰਵਾਇਆ। ਉਨਾਂ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੰੂ ਨਿਸ਼ਚਿਤ ਸਮੇਂ ਅੰਦਰ ਸਮੁੱਚੀ ਖਰੀਦ ਕਾਰਜ਼ਾਂ ਨੂੰ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ’ਚ ਹੁਣ ਤੱਕ 794096 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ। ਜਿਸ ਵਿੱਚੋਂ 794091 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗਰੇਨ ਵੱਲੋਂ 218628 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 214055 ਮੀਟ੍ਰਿਕ ਟਨ, ਪਨਸਪ ਵੱਲੋਂ 193340, ਪੰਜਾਬ ਵੇਅਰ ਹਾਉਸ ਵੱਲੋਂ 114752 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 53316 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਰ.ਪੀ. ਸਿੰਘ, ਐਸ.ਡੀ.ਐਮ. ਫਾਜ਼ਿਲਕਾ ਸੁਭਾਸ਼ ਖੱਟਕ, ਜ਼ਿਲਾ ਮੰਡੀ ਅਫਸਰ ਸ. ਸਵਰਨ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।