ਈ.ਟੀ.ਟੀ. ਅਧਿਆਪਕਾਂ ਦੀ ਚੋਣ ਸਬੰਧੀ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

0
463

ਚੰਡੀਗੜ੍ਹ | ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਈ.ਟੀ.ਟੀ ਅਧਿਆਪਕਾਂ ਦੀ ਚੋਣ ਵਿਚ ਰਾਖਵੇਕਰਨ ਨੀਤੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਸਮਾਜਿਕ ਨਿਆਂ ਵਿਭਾਗ ਵਲੋਂ ਮਿਤੀ 10-07-1995 ਨੂੰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ।

ਦੱਸ ਦਈਏ ਕਿ ਪਿੱਛਲੇ ਦਿਨੀ ਈ.ਟੀ.ਟੀ 6635 ਐਸ.ਸੀ/ਬੀ.ਸੀ ਯੂਨੀਅਨ ਦਾ ਇਕ ਵਫਦ ਡਾ. ਬਲਜੀਤ ਕੌਰ ਨੂੰ ਮਿਲਿਆ ਸੀ, ਜਿਸ ਨੇ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਿੱਖਿਆ ਮੰਤਰੀ ਨਾਲ ਕੀਤੀਆਂ ਗਈਆਂ ਮੀਟਿੰਗਾਂ ਵਿੱਚ ਉਨ੍ਹਾਂ ਵੱਲੋ ਇਹ ਗੱਲ ਕਹੀ ਗਈ ਹੈ ਕਿ ਈ.ਟੀ.ਟੀ. ਅਧਿਆਪਕਾਂ ਦੀ ਚੋਣ ਦੀ ਦੂਜੀ ਲਿਸਟ ਵਿੱਚ ਜਨਰਲ ਕੈਟਾਗਿਰੀ ਦੇ ਆਖਰੀ ਉਮੀਦਵਾਰ ਤੋਂ ਵੱਧ ਨੰਬਰਾਂ ਵਾਲੇ ਐਸ. ਸੀ/ ਬੀ. ਸੀ ਉਮੀਦਵਾਰ ਜੋ ਕਿ ਪਹਿਲਾਂ ਆਪਣੇ ਕੋਟੇ ਦੀਆਂ ਅਸਾਮੀਆਂ ਵਿੱਚ ਨੌਕਰੀ ਲੈ ਚੁੱਕੇ ਹਨ ਅਤੇ ਭਾਵੇਂ ਹੁਣ ਓਪਨ ਦੀ ਮੈਰਿਟ ਡਾਊਨ ਜਾਣ ਤੇ ਉਹਨਾਂ ਦੇ ਨੰਬਰ ਜਨਰਲ ਕੈਟਾਗਰੀ ਦੇ ਆਖਰੀ ਉਮੀਦਵਾਰ ਨਾਲੋਂ ਵੱਧ ਹਨ ਪਰ ਫਿਰ ਵੀ ਉਹਨਾਂ ਐਸ. ਸੀ/ਬੀ. ਸੀ ਉਮੀਦਵਾਰਾਂ ਨੂੰ ਓਪਨ ਕੈਟਾਗਰੀ ਦੀ ਮੈਰਿਟ ਵਿੱਚ ਸ਼ਿਫਟ ਨਹੀਂ ਕੀਤਾ ਜਾਵੇਗਾ।

ਇਸ ਸਬੰਧੀ ਡਾ. ਬਲਜੀਤ ਕੌਰ ਨੇ ਨੋਟਿਸ ਲੈਂਦਿਆਂ ਪ੍ਰਮੁੱਖ ਸਕੱਤਰ, ਸਕੂਲ ਸਿਖਿਆ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਅਧਾਰ ਤੇ ਸਮਾਜਿਕ ਨਿਆਂ ਵਿਭਾਗ ਵੱਲੋਂ ਮਿਤੀ 10.07.1995, ਨੂੰ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਹ ਰਾਖਵੇਂਕਰਨ ਸਬੰਧੀ ਸਵੈ-ਸਪਸ਼ਟ ਹਨ, ਜਿਨ੍ਹਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।