ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਦਰਜ ਐਫਆਈਆਰ ‘ਚ ਅਗਾਊਂ ਜ਼ਮਾਨਤ ਦੀ ਮੰਗ ’ਤੇ ਪਟੀਸ਼ਨਕਰਤਾ ਨੂੰ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਨਾਲ ਹੀ ਸਪੱਸ਼ਟ ਕੀਤਾ ਕਿ ਜੇਕਰ ਉਹ ਜਾਂਚ ‘ਚ ਸਹਿਯੋਗ ਨਹੀਂ ਦਿੰਦੇ ਹਨ ਤਾਂ ਉਸ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਦਾ ਲਾਭ ਵਾਪਸ ਲੈ ਲਿਆ ਜਾਵੇਗਾ। ਹਾਈਕੋਰਟ ਨੇ ਉਸ ਦੀ ਪਟੀਸ਼ਨ ‘ਤੇ ਸੁਣਵਾਈ 4 ਜੁਲਾਈ ਤੱਕ ਟਾਲਦਿਆਂ ਉਸ ਦੀ ਗ੍ਰਿਫਤਾਰੀ ‘ਤੇ ਰੋਕ ਜਾਰੀ ਰੱਖੀ।

ਵਿਜੀਲੈਂਸ ਬਿਊਰੋ ਨੇ 6 ਜੂਨ ਨੂੰ ਮੁਹਾਲੀ ‘ਚ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੰਧ ‘ਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ। ਗਿਲਜੀਆਂ ਨੇ ਇਸ ਐਫਆਈਆਰ ‘ਚ ਅਗਾਊਂ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ‘ਚ ਕਿਹਾ ਗਿਆ ਹੈ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਨੂੰ ਦੋਸ਼ੀ ਬਣਾਇਆ ਗਿਆ ਹੈ। ਇਹ ਐਫਆਈਆਰ ਇੱਕ ਸਾਜ਼ਿਸ਼ ਵਜੋਂ ਦਰਜ ਕੀਤੀ ਗਈ ਹੈ ਅਤੇ ਪਟੀਸ਼ਨਰ ਸਿਆਸੀ ਬਦਨਾਮੀ ਦਾ ਸ਼ਿਕਾਰ ਹੋਇਆ ਹੈ।

ਪਟੀਸ਼ਨਕਰਤਾ ਨੇ ਕਿਹਾ ਕਿ ਐਫਆਈਆਰ ਨੂੰ ਰੱਦ ਕਰਨ ਦੀ ਉਸ ਦੀ ਪਟੀਸ਼ਨ ਹਾਈਕੋਰਟ ‘ਚ ਪੈਂਡਿੰਗ ਹੈ। ਅਜਿਹੇ ‘ਚ ਹੁਣ ਉਸ ਨੂੰ ਅਗਾਊਂ ਜ਼ਮਾਨਤ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।