ਬਠਿੰਡਾ, 2 ਦਸੰਬਰ | ਸੋਮਵਾਰ ਸਵੇਰੇ ਇੱਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਇੱਕ ਬਾਈਕ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਆਬਕਾਰੀ ਵਿਭਾਗ ਵਿਚ ਸੁਪਰਡੈਂਟ ਵਜੋਂ ਤਾਇਨਾਤ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਘਟਨਾ ਬਠਿੰਡਾ ਦੇ ਗੁਨਿਆਣਾ ਰੋਡ ‘ਤੇ ਵਾਪਰੀ, ਜਿੱਥੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਸੰਸਥਾ ਦੇ ਵਰਕਰ ਸੰਦੀਪ ਸਿੰਘ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ ਅਤੇ ਪੁਲਿਸ ਨੂੰ ਸੂਚਿਤ ਕੀਤਾ।
ਸੰਦੀਪ ਨੇ ਦੱਸਿਆ ਕਿ ਸਾਨੂੰ ਹਾਦਸੇ ਦੀ ਸੂਚਨਾ ਮਿਲੀ ਸੀ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਸੜਕ ਕਿਨਾਰੇ ਇੱਕ ਵਿਅਕਤੀ ਮ੍ਰਿਤਕ ਪਿਆ ਸੀ, ਜਿਸ ਕਾਰਨ ਮੌਕੇ ‘ਤੇ ਪੁਲਿਸ ਨੂੰ ਬੁਲਾਇਆ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮ੍ਰਿਤਕ ਦੀ ਪਛਾਣ 56 ਸਾਲਾ ਬੇਅੰਤ ਸਿੰਘ ਪੁੱਤਰ ਜਲੌਰ ਸਿੰਘ ਵਾਸੀ ਪਿੰਡ ਕੋਟਲੀ ਅਬਲੂ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਜੋਂ ਹੋਈ ਹੈ। ਮ੍ਰਿਤਕ ਕੋਲੋਂ ਇੱਕ ਪਛਾਣ ਪੱਤਰ ਮਿਲਿਆ ਹੈ, ਜਿਸ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਇਸ ਸਮੇਂ ਮਾਨਸਾ ਵਿਚ ਆਬਕਾਰੀ ਵਿਭਾਗ ਵਿਚ ਸੁਪਰਡੈਂਟ ਦੀ ਪੋਸਟ ’ਤੇ ਤਾਇਨਾਤ ਸੀ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)