ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੈਂਸ ਗੈਂਗ ਦੇ ਦੋ ਕਾਰਕੁਨ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ

0
2442

ਚੰਡੀਗੜ੍ਹ, 12 ਸਤੰਬਰ| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਲੋਚਨ ਸਿੰਘ ਉਰਫ ਰਾਹੁਲ ਚੀਮਾ ਵਾਸੀ ਸੈਕਟਰ 26 ਚੰਡੀਗੜ੍ਹ ਅਤੇ ਹਰੀਸ਼ ਉਰਫ ਹੈਰੀ ਉਰਫ ਬਾਬਾ ਪਿੰਡ ਬੁਪਾਨੀਆ ਜ਼ਿਲਾ ਝੱਜਰ, ਹਰਿਆਣਾ ਵਜੋਂ ਹੋਈ ਹੈ।

ਏ.ਆਈ.ਜੀ. ਐਸ.ਐਸ.ਓ.ਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਗਿਰੋਹ ਦੇ ਕੁਝ ਮੈਂਬਰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਦੇ ਕਾਰੋਬਾਰੀਆਂ ਅਤੇ ਰਸੂਖ਼ਦਾਰ ਵਿਅਕਤੀਆਂ ਨੂੰ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ ਕਰ ਰਹੇ ਹਨ ਅਤੇ ਇਲਾਕੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵੀ ਬਣਾ ਰਹੇ ਸਨ।

ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਦੀਆਂ ਪੁਲਿਸ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਮੁਲਜ਼ਮ ਤਰਲੋਚਨ ਸਿੰਘ ਨੂੰ ਦੋ ਜਿੰਦਾ ਕਾਰਤੂਸਾਂ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਮੁਲਜ਼ਮ ਹਰੀਸ਼ ਉਰਫ਼ ਹੈਰੀ ਨੂੰ ਵੀ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਪ੍ਰਸਿੱਧੀ ਪ੍ਰਾਪਤ ਕਰਨਾ ਚਾਹੁੰਦੇ ਸਨ ਅਤੇ ਉਹਨਾਂ ਲੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪ੍ਰੋਫਾਈਲ ਬਣਾਏ ਸਨ, ਜਿੱਥੇ ਉਹ ਨੌਜਵਾਨਾਂ ਨੂੰ ਭਰਮਾਉਣ ਲਈ ਹਥਿਆਰਾਂ ਅਤੇ ਗੋਲੀ-ਸਿੱਕੇ ਦਾ ਪ੍ਰਦਰਸ਼ਨ ਕਰਦੇ ਸਨ ਅਤੇ ਮਾਸੂਮ ਨੌਜਵਾਨਾਂ ਨੂੰ ਗਿਰੋਹ ਲਈ ਕੰਮ ਕਰਨ ਲਈ ਉਕਸਾਉਂਦੇ ਸਨ। ਉਹਨਾਂ ਨੇ ਕਿਹਾ ਕਿ ਉਕਤ ਵਿਅਕਤੀ ਭੋਲੇ-ਭਾਲੇ ਨੌਜਵਾਨਾਂ ਨੂੰ ਗਿਰੋਹ ਦਾ ਹਿੱਸਾ ਬਣਨ ਬਦਲੇ ਚੰਗੀ ਰਕਮ ਦੇਣ ਦਾ ਵਾਅਦਾ ਕਰਕੇ ਉੱਚ ਪੱਧਰੀ ਜੀਵਨ ਸ਼ੈਲੀ ਦੇਣ ਦੀ ਪੇਸ਼ਕਸ਼ ਕਰਦੇ ਸਨ।

ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ ਨੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾ ਰਹੀ ਹੈ।

ਇਸ ਸਬੰਧੀ ਵਿੱਚ 11-09-2023 ਨੂੰ ਪੁਲਿਸ ਥਾਣਾ ਐਸਐਸਓਸੀ ਮੋਹਾਲੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(6) ਅਤੇ 25(7) ਅਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 384 ਅਤੇ 1202 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।