ਬਰਨਾਲਾ, 6 ਫਰਵਰੀ | ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਸਥਿਤ ਤਪਾ ਮੰਡੀ ਦੇ ਹਾਈ-ਟੈਕ ਨਾਕੇ ‘ਤੇ ਅੱਜ ਸਥਿਤੀ ਉਸ ਸਮੇਂ ਬੇਹੱਦ ਤਣਾਅਪੂਰਨ ਹੋ ਗਈ ਜਦੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਕਾਰਕੁਨ ਅਤੇ ਬਰਨਾਲਾ ਪੁਲਸ ਆਹਮੋ-ਸਾਹਮਣੇ ਹੋ ਗਏ। ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਕੀਤੇ ਗਏ ਸਖ਼ਤ ਪ੍ਰਬੰਧ ਉਸ ਸਮੇਂ ਧਰੇ-ਧਰਾਏ ਰਹਿ ਗਏ ਜਦੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਬੈਰੀਕੇਡ ਤੋੜ ਕੇ ਅੱਗੇ ਨਿਕਲ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਕਿਸਾਨਾਂ ਦੇ ਕਾਫਲੇ ਨੂੰ ਰੋਕਣ ਲਈ ਲਾਠੀਚਾਰਜ ਦਾ ਸਹਾਰਾ ਲਿਆ। ਇਸ ਝੜਪ ਦੌਰਾਨ ਪੁਲਸ ਵੱਲੋਂ ਬਜ਼ੁਰਗਾਂ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ‘ਤੇ ਵੀ ਡਾਂਗਾਂ ਵਰ੍ਹਾਈਆਂ ਗਈਆਂ, ਜਿਸ ਕਾਰਨ ਮਾਹੌਲ ਕਾਫੀ ਗਰਮਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦਾ ਇਹ ਜਥਾ ਬਠਿੰਡਾ ਅਤੇ ਰਾਮਪੁਰਾ ਪੁਲਸ ਵੱਲੋਂ ਦੋ ਕਿਸਾਨਾਂ ‘ਤੇ ਦਰਜ ਕੀਤੇ ਗਏ ਕਥਿਤ ਝੂਠੇ ਕੇਸਾਂ ਦੇ ਵਿਰੋਧ ਵਿੱਚ ਬਠਿੰਡਾ ਵੱਲ ਕੂਚ ਕਰ ਰਿਹਾ ਸੀ।
ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪੁਲਸ ਪ੍ਰਸ਼ਾਸਨ ਲੋਕਤੰਤਰਿਕ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੁਲਸ ਨੇ ਉਗਰਾਹਾਂ ਜਥੇਬੰਦੀ ਦੇ ਪ੍ਰਮੁੱਖ ਆਗੂਆਂ ਨੂੰ ਬਠਿੰਡਾ ਜਾਣ ਤੋਂ ਰੋਕਣ ਲਈ ਨਾਕੇਬੰਦੀ ਕੀਤੀ ਹੋਈ ਸੀ, ਪਰ ਕਿਸਾਨਾਂ ਦੇ ਭਾਰੀ ਇਕੱਠ ਅੱਗੇ ਪੁਲਸ ਦੀਆਂ ਰੋਕਾਂ ਫੇਲ੍ਹ ਸਾਬਤ ਹੋਈਆਂ।
ਇਸ ਘਟਨਾ ਤੋਂ ਬਾਅਦ ਕਿਸਾਨ ਜਥੇਬੰਦੀ ਨੇ ਸਰਕਾਰ ਵਿਰੁੱਧ ਮੋਰਚਾ ਹੋਰ ਤਿੱਖਾ ਕਰ ਦਿੱਤਾ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੁਲਸ ਦੀ ਇਸ ਧੱਕੇਸ਼ਾਹੀ ਵਿਰੁੱਧ 6 ਫਰਵਰੀ ਨੂੰ ਬਰਨਾਲਾ ਵਿਖੇ ਡੀਸੀ (DC) ਦਫ਼ਤਰ ਦਾ ਮੁਕੰਮਲ ਘਿਰਾਓ ਕੀਤਾ ਜਾਵੇਗਾ।
ਪੁਲਸ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਲਾਠੀਚਾਰਜ ਦੇ ਮੁੱਦੇ ‘ਤੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ, ਪਰ ਹਾਈਵੇਅ ‘ਤੇ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਇਲਾਕੇ ਵਿੱਚ ਸਥਿਤੀ ਹਾਲੇ ਵੀ ਨਾਜ਼ੁਕ ਬਣੀ ਹੋਈ ਹੈ।