ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਕੀਤਾ ਜਾਮ, ਮੁਸਾਫਿਰ ਹੋ ਰਹੇ ਖੱਜਲ-ਖੁਆਰ

0
973

ਚੰਡੀਗੜ੍ਹ, 29 ਸਤੰਬਰ | ਆਪਣੀਆਂ ਮੰਗਾਂ ਨੂੰ ਲੈ ਕੇ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਬੀਤੇ ਕੱਲ੍ਹ ਤੋਂ ਪੰਜਾਬ ਵਿਚ ਰੇਲ ਰੋਕੋ ਅੰਦੋਲਨ ਚੱਲ ਰਿਹਾ ਹੈ। ਪੰਜਾਬ ਭਰ ਵਿਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿਚ ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਹੈ। ਮੁਹਾਲੀ ਦੇ ਲਾਲੜੂ ਵਿਚ ਚੰਡੀਗੜ੍ਹ ਤੋਂ ਅੰਬਾਲਾ ਜਾਣ ਵਾਲੇ ਹਾਈਵੇ ’ਤੇ ਕਿਸਾਨਾਂ ਨੇ ਧਰਨਾ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਝੜਪ ਵੀ ਹੋਈ।

ਦੱਸ ਦਈਏ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਕਾਰਨ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਰੂਟ ਪੂਰੀ ਤਰ੍ਹਾਂ ਠੱਪ ਹੋ ਗਏ ਹਨ। ਟਰੇਨਾਂ ਦੇ ਚੱਕਾ ਜਾਮ ਕਾਰਨ ਸੈਂਕੜੇ ਮੁਸਾਫਿਰ ਪੰਜਾਬ ਦੇ ਰੇਲਵੇ ਸਟੇਸ਼ਨਾਂ ‘ਤੇ ਫਸੇ ਹੋਏ ਹਨ। ਵੀਰਵਾਰ ਨੂੰ ਜਿੱਥੇ ਕਰੀਬ 60 ਟਰੇਨਾਂ ਪ੍ਰਭਾਵਿਤ ਹੋਈਆਂ। ਸ਼ੁੱਕਰਵਾਰ ਨੂੰ 90 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਜਿਨ੍ਹਾਂ ਵਿਚੋਂ 80 ਤੋਂ ਵੱਧ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਅਤੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਜਿੰਨਾ ਵੀ ਕਿਸਾਨਾਂ ਨੂੰ ਮੁਆਵਜ਼ਾ ਮਿਲਿਆ ਹੈ, ਉਹ ਬਹੁਤ ਘੱਟ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।