ਕਰਨਾਲ | ਕਿਸਾਨਾਂ ‘ਤੇ 28 ਅਗਸਤ ਨੂੰ ਹੋਏ ਪੁਲਿਸ ਲਾਠੀਚਾਰਜ ਦੇ ਖਿਲਾਫ ਕਰਨਾਲ ‘ਚ ਅੱਜ ਮੰਗਲਵਾਰ ਨੂੰ ਮਹਾਪੰਚਾਇਤ ਬੁਲਾਈ ਗਈ ਹੈ। ਇਸ ਦੇ ਨਾਲ ਹੀ ਕਿਸਾਨ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ‘ਤੇ ਅੜੇ ਹੋਏ ਹਨ।

ਇਸ ਦਰਮਿਆਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਧਾਰਾ 144 ਲਗਾ ਦਿੱਤੀ ਹੈ ਤੇ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਤੇ ਪਾਨੀਪਤ ‘ਚ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਹਰਿਆਣਾ ਸਰਕਾਰ ਵੱਲੋਂ ਜਾਰੀ ਬਿਆਨ ਦੇ ਮੁਤਾਬਕ ਮੰਗਲਵਾਰ ਪੂਰਾ ਦਿਨ ਇੰਟਰਨੈੱਟ ਤੇ ਐੱਸਐੱਮਐੱਸ ਸਰਵਿਸ ਬੰਦ ਰਹੇਗੀ। ਅਧਿਕਾਰੀਆਂ ਨੇ ਦੱਸਿਆ ਕਿ ਕਰਨਾਲ ਪ੍ਰਸ਼ਾਸਨ ਨੇ ਸੀਆਰਪੀਸੀ ਦੀ ਧਾਰਾ 144 ਲਾਗੂ ਕਰਕੇ 5 ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਾ ਦਿੱਤੀ ਹੈ।

ਹਰਿਆਣਾ ਪੁਲਿਸ ਵੱਲੋਂ ਜਾਰੀ ਹੁਕਮਾਂ ਮੁਤਾਬਕ ਮੁੱਖ ਰਾਸ਼ਟਰੀ ਰਾਜਮਾਰਗ-44 ਅੰਬਾਲਾ-ਦਿੱਲੀ ‘ਤੇ ਮੰਗਲਵਾਰ ਕਰਨਾਲ ਜ਼ਿਲ੍ਹੇ ‘ਚ ਕੁਝ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਐੱਨਐੱਚ-44 ਦਾ ਉਪਯੋਗ ਕਰਨ ਵਾਲਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਰਨਾਲ ਸ਼ਹਿਰ ਦੀ ਯਾਤਰਾ ਕਰਨ ਤੋਂ ਬਚਣ ਜਾਂ 7 ਸਤੰਬਰ ਨੂੰ ਆਪਣੇ ਪਿੰਡਾਂ ਤੱਕ ਜਾਣ ਲਈ ਹੋਰ ਰਸਤਿਆਂ ਦਾ ਇਸਤੇਮਾਲ ਕਰਨ।

ਹਰਿਆਣਾ ਭਾਰਤੀ ਕਿਸਾਨ ਯੂਨੀਅਨ (ਚਡੂਨੀ) ਦੇ ਮੁਖੀ ਗੁਰਨਾਮ ਸਿੰਘ ਚਡੂਨੀ ਨੇ ਸੋਮਵਾਰ ਕਿਹਾ ਸੀ ਕਿ ਮੰਗਲਵਾਰ ਨੂੰ ਇਥੇ ਇਕ ਵੱਡੀ ਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ, ਜਿਸ ਤੋਂ ਬਾਅਦ ਕਿਸਾਨ ਮੰਨੀ ਸਕੱਤਰੇਤ ਦਾ ਘਿਰਾਓ ਕਰਨਗੇ।

ਉਨ੍ਹਾਂ ਕਿਹਾ ਕਿਸਾਨ ਮੰਗਲਵਾਰ ਸਵੇਰੇ ਕਰਨਾਲ ਦੀ ਨਵੀਂ ਅਨਾਜ ਮੰਡੀ ‘ਚ ਇਕੱਠੇ ਹੋਣਗੇ। ਕਰਨਾਲ ਪੁਲਿਸ ਨੇ ਕਿਸਾਨ ਲੀਡਰਾਂ ਦੇ ਐਲਾਨ ਨੂੰ ਦੇਖਦਿਆਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)