ਫਾਜ਼ਿਲਕਾ ਦੇ ਕਿਸਾਨਾਂ ਨੇ CM ਮਾਨ ਨਾਲ ਕੀਤੀ ਮੁਲਾਕਾਤ, ਕੱਚੀ ਜ਼ਮੀਨ ਪੱਕੀ ਕਰਨ ਦੀ ਕੀਤੀ ਮੰਗ

0
2019

ਚੰਡੀਗੜ੍ਹ | ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਸਰਹੱਦੀ ਖੇਤਰ ਦੇ ਸਰਪੰਚਾਂ ਅਤੇ ਕਿਸਾਨਾਂ ਦੇ ਨਾਲ ਪਹੁੰਚੇ ਵਿਧਾਇਕ ਨੇ ਮੁੱਖ ਮੰਤਰੀ ਨਾਲ ਕੀਤੀ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੀ ਇਸ ਵੱਡੀ ਸਮੱਸਿਆ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਹੈ।

ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਦੱਸਿਆ ਕਿ ਫਾਜ਼ਿਲਕਾ ਦੇ ਸਰਹੱਦੀ ਖੇਤਰ ਦੇ ਦੌਰੇ ਦੌਰਾਨ ਜ਼ਿਆਦਾਤਰ ਲੋਕਾਂ ਨੇ ਉਨ੍ਹਾਂ ਅੱਗੇ ਕਈ ਸਮੱਸਿਆਵਾਂ ਰੱਖੀਆਂ, ਜਿਸ ਤੋਂ ਬਾਅਦ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕਰਨਗੇ ਇਹੀ ਕਾਰਨ ਹੈ ਕਿ ਅੱਜ ਉਹ ਸਰਹੱਦੀ ਖੇਤਰ ਦੇ ਕਿਸਾਨਾਂ ਅਤੇ ਸਰਪੰਚਾਂ ਦੇ ਵਫ਼ਦ ਨਾਲ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਮਿਲੇ ਅਤੇ ਉਨ੍ਹਾਂ ਅੱਗੇ ਸਰਹੱਦੀ ਪੱਟੀ ਖੇਤਰ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੀ ਮੰਗ ਰੱਖੀ।

ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ : ਮਾਨ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਸਬੰਧੀ ਜਲਦੀ ਹੀ ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ ਅਤੇ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਵਾਨਾ, ਗਊਸੇਵਾ ਕਮਿਸ਼ਨ ਦੇ ਮੈਂਬਰ ਅਰੁਣ ਵਧਵਾ, ਰਾਏ ਸਿੱਖ ਸਮਾਜ ਸੁਧਾਰ ਪੰਜਾਬ ਦੇ ਪ੍ਰਧਾਨ ਸ. ਹੰਸਾ ਸਿੰਘ ਕਾਮਰੇਡ, ਸਾਬਕਾ ਸਰਪੰਚ ਹਰਨੇਕ ਸਿੰਘ ਓਝਾਵਾਲੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਆਲਮਸ਼ਾਹ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |