ਚੰਡੀਗੜ੍ਹ, 27 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਚੰਡੀਗੜ੍ਹ ਮਾਰਚ ਦੀ ਤਿਆਰੀ ‘ਚ ਕਿਸਾਨਾਂ ਨੇ ਚੰਡੀਗੜ੍ਹ ਦਾ ਘਿਰਾਓ ਕੀਤਾ ਹੈ। ਪੰਜਾਬ ਤੇ ਹਰਿਆਣਾ ਤੋਂ ਆਏ ਕਿਸਾਨਾਂ ਨੇ ਚੰਡੀਗੜ੍ਹ ਦੀਆਂ ਸਰਹੱਦਾਂ ’ਤੇ ਡੇਰੇ ਲਾਏ ਹੋਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਹਨ। ਪੰਚਕੂਲਾ ਅਤੇ ਮੋਹਾਲੀ ਬਾਰਡਰ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ।
ਰੋਡ ਜਾਮ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਐਮਐਸਪੀ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਨੂੰ ਲੈ ਕੇ 26 ਤੋਂ 28 ਨਵੰਬਰ ਤੱਕ ਚੰਡੀਗੜ੍ਹ ਵਿਚ ਧਰਨੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅੰਦੋਲਨ ਵਾਪਸ ਲੈਣ ਸਮੇਂ ਕੇਂਦਰ ਸਰਕਾਰ ਨੇ ਐਮਐਸਪੀ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਪਰ ਲਾਗੂ ਨਹੀਂ ਕੀਤੀ।