ਫਾਜ਼ਿਲਕਾ | ਇਥੇ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ ‘ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਵੀ ਕੀਤੀ ਗਈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਮੁਲਾਜ਼ਮ ਨੇ ਆਪਣੀ ਸੁਰੱਖਿਆ ਲਈ ਪਿਸਤੌਲ ਵੀ ਕੱਢਿਆ। ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਮਿਲੀ ਹੈ।

ਜਾਣਕਾਰੀ ਅਨੁਸਾਰ ਲੜਾਈ-ਝਗੜੇ ਦੇ ਮਾਮਲੇ ਵਿਚ ਪੁਲਿਸ ਕਿਸੇ ਦੇ ਘਰ ਛਾਪਾ ਮਾਰਨ ਗਈ ਸੀ। ਇਥੇ ਲੋਕਾਂ ਨੇ ਪੁਲਿਸ ਪਾਰਟੀ ਨੂੰ ਘੇਰ ਲਿਆ। ਇਹ ਮਾਮਲਾ ਮੰਡੀ ਲਾਧੂਕਾ ਦੇ ਪਿੰਡ ਲੱਖੇ ਦੇ ਉਤਾੜ ਦਾ ਦੱਸਿਆ ਜਾ ਰਿਹਾ ਹੈ।

ਪੁਲਿਸ ਨੇ 10 ਅਣਪਛਾਤਿਆਂ ਸਮੇਤ 22 ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ 8 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਲੋਕਾਂ ਵਿਚ 4 ਔਰਤਾਂ ਤੇ 4 ਵਿਅਕਤੀ ਸ਼ਾਮਲ ਹਨ। ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਵਲੋਂ ਫਿਲਹਾਲ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।