ਫਿਰੋਜ਼ਪੁਰ, 13 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਕੈਂਟ ਸਥਿਤ ਇਕ ਫੌਜੀ ਗੱਡੀ ਵੱਲੋਂ ਟੱਕਰ ਮਾਰੇ ਜਾਣ ‘ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਫਿਰੋਜ਼ਪੁਰ ਕੈਂਟ ਪੁਲਿਸ ਨੇ ਮਿਲਟਰੀ ਗੱਡੀ ਦੇ ਅਣਪਛਾਤੇ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵਿਜੇ ਕੁਮਾਰ ਪੁੱਤਰ ਦਯਾ ਰਾਮ ਵਾਸੀ ਖੂਹ ਅਮੀ ਚੰਦ ਸੂਰਜ ਨਗਰੀ ਦਾਖਲੀ ਰਿੱਖੀ ਕਾਲੋਨੀ ਨੇ ਦੱਸਿਆ ਕਿ ਉਸ ਦਾ ਭਰਾ ਸੰਜੇ ਉਰਫ ਬੰਟੀ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਾਬਾ ਸ਼ੇਰਸ਼ਾਹ ਵਾਲੇ ਚੌਕ ਕੈਂਟ ਫਿਰੋਜ਼ਪੁਰ ਵਾਲੀ ਸਾਈਡ ਤੋਂ ਜਾ ਰਿਹਾ ਸੀ ਤਾਂ ਪਿੱਛਿਓਂ ਇਕ ਮਿਲਟਰੀ ਦੀ ਗੱਡੀ ਆਈ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ, ਗੱਡੀ ਚਾਲਕ ਨੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ‘ਚ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਵਿਜੇ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਵ੍ਹੀਕਲ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।





































