ਫਿਰੋਜ਼ਪੁਰ, 8 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਵਿਚ ਇਕ ਵਿਆਹ ਵਾਲੇ ਘਰ ਵਿਚ ਉਸ ਸਮੇਂ ਮਾਤਮ ਛਾ ਗਿਆ ਜਦੋਂ ਲਾੜੀ ਦੇ ਭਰਾ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਸ਼ਨੀਵਾਰ ਦੇਰ ਰਾਤ ਨੂੰ ਧੁੰਦ ਕਾਰਨ ਪਿੰਡ ਨਵਾਂ ਪੁਰਬਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿਚ ਇਕ ਨੌਜਵਾਨ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਜੱਗੂ ਦੀ ਭੈਣ ਦਾ ਐਤਵਾਰ ਨੂੰ ਵਿਆਹ ਸੀ।
ਮ੍ਰਿਤਕ ਦੇ ਦਾਦਾ ਨੇ ਦੱਸਿਆ ਕਿ ਉਨ੍ਹਾਂ ਦੀ ਪੋਤੀ ਦਾ ਵਿਆਹ ਐਤਵਾਰ ਨੂੰ ਫ਼ਿਰੋਜ਼ਪੁਰ ਦੇ ਇਕ ਨਿੱਜੀ ਪੈਲੇਸ ਵਿਚ ਸੀ। ਉਸ ਦਾ ਪੋਤਰਾ ਅਤੇ ਉਸ ਦੇ ਦੋਸਤ ਸ਼ਨੀਵਾਰ ਦੇਰ ਰਾਤ ਪੈਲੇਸ ’ਚ ਵਿਆਹ ਦਾ ਸਾਮਾਨ ਛੱਡ ਕੇ ਘਰ ਪਰਤ ਰਹੇ ਸਨ, ਜਦੋਂ ਉਹ ਚੁੰਗੀ ਨੰਬਰ 8 ਤੋਂ ਥੋੜ੍ਹੀ ਦੂਰੀ ’ਤੇ ਪਹੁੰਚੇ ਤਾਂ ਫਰੀਦਕੋਟ ਵੱਲੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਤਿੰਨੋਂ ਹੇਠਾਂ ਡਿੱਗ ਗਏ, ਜਿਸ ’ਚ ਜੱਗੂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੇ ਦੋ ਦੋਸਤ ਗੰਭੀਰ ਜ਼ਖ਼ਮੀ ਹੋ ਗਏ।
ਉਸ ਨੇ ਕਿਹਾ ਕਿ ਅੱਜ ਉਸ ਨੇ ਆਪਣੀ ਪੋਤੀ ਦਾ ਵਿਆਹ ਦਿਲ ’ਤੇ ਪੱਥਰ ਰੱਖ ਕੇ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਸਬੰਧੀ ਥਾਣਾ ਕੁੱਲਗੜ੍ਹੀ ਦੀ ਇੰਚਾਰਜ ਦੀਪਿਕਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਰੀਦਕੋਟ ਰੋਡ ’ਤੇ ਹਾਦਸਾ ਵਾਪਰ ਗਿਆ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)