ਫਿਰੋਜ਼ਪੁਰ : ਸਹੁਰੇ ਪਰਿਵਾਰ ਵਲੋਂ ਦਾਜ ਮੰਗਣ ਤੋਂ ਤੰਗ ਵਿਆਹੁਤਾ ਨੇ ਨਿਗਲੀ ਜ਼ਹਿਰੀਲੀ ਚੀਜ਼, ਮੌਤ

0
688

ਫਿਰੋਜ਼ਪੁਰ :  ਸੂਬੇ ਅੰਦਰ ਲਗਾਤਾਰ ਦਾਜ ਨੂੰ ਲੈਕੇ ਔਰਤਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਮਹੰਤਾਂ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਦੋ ਮਹੀਨੇ ਪਹਿਲਾਂ ਵਿਆਹੀ ਵਿਆਹੁਤਾ ਨਾਲ ਸਹੁਰਾ ਪਰਿਵਾਰ ਵੱਲੋਂ ਲਗਾਤਾਰ ਕੁੱਟਮਾਰ ਕੀਤੀ ਜਾ ਰਹੀ ਸੀ। ਜਿਸ ਤੋਂ ਦੁਖੀ ਹੋ ਵਿਆਹੁਤਾ ਨੇ ਕੋਈ ਜ਼ਹਿਰੀਲੀ ਚੀਜ਼ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਿਸ ਤੋਂ ਬਾਅਦ ਪਰਿਵਾਰਕ ਮੈਬਰਾਂ ਦੇ ਬਿਆਨਾਂ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਚੱਕ ਮਹੰਤਾਂ ਵਾਲਾ ਵਿਖੇ ਸਹੁਰਾ ਪਰਿਵਾਰ ਵੱਲੋਂ ਦਾਜ ਨੂੰ ਲੈ ਕੇ ਕੁੱਟਮਾਰ ਕਰਨ ਤੋਂ ਪ੍ਰੇਸ਼ਾਨ ਹੋ ਕੇ ਇੱਕ ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇਹਾ ਰਾਣੀ (20 ਸਾਲ) ਦਾ ਵਿਆਹ ਰਾਕੇਸ਼ ਕੁਮਾਰ ਨਾਲ ਦੋ ਮਹੀਨੇ ਪਹਿਲਾਂ ਹੋਇਆ ਸੀ। ਜਿਸ ਨਾਲ ਦਾਜ ਨੂੰ ਲੈ ਕੇ ਲਗਾਤਾਰ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਸੀ। ਇਸੇ ਤਰ੍ਹਾਂ 12 ਮਾਰਚ ਦੀ ਰਾਤ ਵੀ ਉਸ ਨਾਲ ਕੁੱਟਮਾਰ ਕੀਤੀ ਗਈ ਸੀ। ਜਿਸ ਤੋਂ ਬਾਅਦ ਉਹ ਲੜਕੀ ਨੂੰ ਆਪਣੇ ਘਰ ਲੈ ਆਏ ਸਨ ਅਤੇ ਸਵੇਰੇ ਜਦੋਂ ਉਹ ਦੁਕਾਨ ‘ਤੇ ਜਾਣ ਲੱਗਾ ਤਾਂ ਲੜਕੀ ਕਹਿਣ ਲੱਗੀ ਕਿ ਉਹ ਸਹੁਰੇ ਘਰੋਂ ਆਪਣੇ ਕੱਪੜੇ ਆਦਿ ਸਾਮਾਨ ਚੁੱਕ ਲਿਆਵੇ ਅਤੇ ਉਹ ਖੁਦ ਦੁਕਾਨ ‘ਤੇ ਚਲਾ ਗਿਆ ਅਤੇ ਉਸਦੀ ਲੜਕੀ ਨੇਹਾ ਨੇ ਵਾਪਿਸ ਘਰ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਗੁਰੂਹਰਸਹਾਏ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਦੂਸਰੇ ਪਾਸੇ ਇਸ ਸਬੰਧੀ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਐਸ.ਐਚ.ਓ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਇਹ ਮਾਮਲਾ ਹੁਣ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਅਤੇ ਉਹ ਮੌਕੇ ‘ਤੇ ਜਾ ਰਹੇ ਹਨ ਅਤੇ ਜਾਂਚ ਦੌਰਾਨ ਜੋ ਤੱਥ ਸਾਹਮਣੇ ਆਉਣਗੇ, ਉਸਦੇ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।