ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਰੌਣਕਾਂ, ਲੱਖਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

0
2

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਕੌਮ ਦਾ ਪਵਿੱਤਰ ਦਿਹਾੜਾ ਬੰਦੀ ਛੋੜ ਦਿਵਸ ਅਤੇ ਦੀਵਾਲੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ‘ਤੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਅੰਮ੍ਰਿਤ ਵੇਲੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਪੂਰਾ ਕੰਪਲੈਕਸ ‘ਦਾਤਾ ਬੰਦੀ ਛੋੜ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।

ਬੰਦੀ ਛੋੜ ਦਿਵਸ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ। ਇਹ ਦਿਹਾੜਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਸਮੇਤ ਰਿਹਾਈ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਤਿਹਾਸਕ ਮਾਨਤਾਵਾਂ ਅਨੁਸਾਰ ਮੁਗਲ ਬਾਦਸ਼ਾਹ ਜਹਾਂਗੀਰ ਵੱਲੋਂ ਗੁਰੂ ਸਾਹਿਬ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਗਿਆ ਸੀ, ਪਰ ਗੁਰੂ ਸਾਹਿਬ ਨੇ ਆਪਣੇ ਨਾਲ ਕੈਦ 52 ਰਾਜਿਆਂ ਦੀ ਰਿਹਾਈ ਤੋਂ ਬਿਨਾਂ ਇਕੱਲਿਆਂ ਬਾਹਰ ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਤਰ੍ਹਾਂ ਗੁਰੂ ਸਾਹਿਬ ਨੇ 52 ਰਾਜਿਆਂ ਨੂੰ ਵੀ ਆਜ਼ਾਦ ਕਰਵਾਇਆ। ਇਸੇ ਕਰਕੇ ਉਨ੍ਹਾਂ ਨੂੰ ‘ਦਾਤਾ ਬੰਦੀ ਛੋੜ’ ਦੇ ਨਾਮ ਨਾਲ ਯਾਦ ਕੀਤਾ ਜਾਂਦਾ ਹੈ।

ਇਸ ਇਤਿਹਾਸਕ ਦਿਹਾੜੇ ਦੀ ਖ਼ੁਸ਼ੀ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਮ ਸਮੇਂ ਦੇਸੀ ਘਿਓ ਦੇ ਦੀਵਿਆਂ ਨਾਲ ਦੀਪਮਾਲਾ ਕੀਤੀ ਜਾਵੇਗੀ। ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸਮੁੱਚਾ ਕੰਪਲੈਕਸ ਜਗਮਗਾਏਗਾ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ।

ਇਸ ਮੌਕੇ ਗੁਰੂ ਘਰ ਵਿਖੇ ਨਤਮਸਤਕ ਹੋਣ ਪਹੁੰਚੀਆਂ ਸੰਗਤਾਂ ਨੇ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਆਪਸੀ ਭਾਈਚਾਰੇ, ਪਿਆਰ ਅਤੇ ਇਨਸਾਨੀਅਤ ਦਾ ਸੰਦੇਸ਼ ਦਿੰਦਾ ਹੈ। ਸੰਗਤਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਜਿਹਾ ਪਵਿੱਤਰ ਅਸਥਾਨ ਹੈ, ਜਿੱਥੇ ਹਰ ਧਰਮ ਅਤੇ ਵਰਗ ਦੇ ਲੋਕਾਂ ਦਾ ਸਵਾਗਤ ਕੀਤਾ ਜਾਂਦਾ ਹੈ।

ਇਸ ਦੇ ਨਾਲ ਹੀ ਸੰਗਤਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਗੁਰਬਾਣੀ ਨਾਲ ਜੁੜਨ ਅਤੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਇਹ ਪਾਵਨ ਤਿਉਹਾਰ ਪੂਰੀ ਦੁਨੀਆ ਨੂੰ ਆਜ਼ਾਦੀ, ਏਕਤਾ, ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਦੇ ਰਿਹਾ ਹੈ।