ਵਿੱਤ ਮੰਤਰੀ ਚੀਮਾ ਨੇ ਸ਼ੂਗਰ ਮਿੱਲ ਫਾਜ਼ਿਲਕਾ ਲਈ 10 ਕਰੋੜ ਤੁਰੰਤ ਜਾਰੀ ਕਰਨ ਦੇ ਦਿੱਤੇ ਨਿਰਦੇਸ਼

0
956

ਚੰਡੀਗੜ੍ਹ | ਸੂਬੇ ਵਿਚ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਦਾ ਵਿਸਤ੍ਰਿਤ ਮੁਲਾਂਕਣ ਕਰਨ ਅਤੇ ਉਨ੍ਹਾਂ ਦੀ ਆਰਥਿਕ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਹਿਕਾਰਤਾ ਵਿਭਾਗ, ਸ਼ੂਗਰਫੈੱਡ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਲੋੜੀਂਦੇ ਕਦਮ ਪੁੱਟਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਫਾਜ਼ਿਲਕਾ ਖੰਡ ਮਿੱਲ ਨਾਲ ਸਬੰਧਤ ਤਨਖਾਹਾਂ ਅਤੇ ਸੇਵਾਮੁਕਤੀ ਦੇ ਬਕਾਏ ਦੇ ਭੁਗਤਾਨ ਲਈ 10 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਸਮੇਂ ਦੀ ਲੋੜ ਅਨੁਸਾਰ ਆਧੁਨਿਕ ਅਤੇ ਤਕਨੀਕੀ ਤਰੱਕੀ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੰਡ ਮਿੱਲਾਂ ਸਹਿਕਾਰੀ ਖੇਤਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਚਲਦਾ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।