ਚੰਡੀਗੜ੍ਹ, 26 ਦਸੰਬਰ | ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮਿੱਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਏ ਜੋ ਮਿੱਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਅਨ ਕਰਕੇ ਆਪਣੀ ਰਿਪੋਰਟ ਪੇਸ਼ ਕਰੇ ਤਾਂ ਜੋ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨ ਬਾਰੇ ਫ਼ੈਸਲਾ ਜਲਦੀ ਤੋਂ ਜਲਦੀ ਲਿਆ ਜਾ ਸਕੇ।
ਸੁਖਾਵੇਂ ਮਾਹੌਲ ਵਿਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿੱਡ-ਡੇ-ਮੀਲ ਕੁੱਕ ਯੂਨੀਅਨਾਂ ਵੱਲੋਂ ਉਠਾਈਆਂ ਮੰਗਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ। ਵਿੱਤ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਬੈਂਕਾਂ ਜਾਂ ਬੀਮਾ ਕੰਪਨੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇਕ ਬੀਮਾ ਪਾਲਿਸੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜੋ ਮਿੱਡ-ਡੇ-ਮੀਲ ਕੁੱਕਾਂ ਨੂੰ ਸਿਹਤ ਅਤੇ ਜੀਵਨ ਬੀਮਾ ਦੋਵੇਂ ਮੁਹੱਈਆ ਕਰਵਾ ਸਕਣ।
ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਮਿੱਡ-ਡੇ-ਮੀਲ ਲਈ ਕੁੱਕਾਂ ਦੀ ਨਿਯੁਕਤੀ ਬਾਰੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿਚ ਉਨ੍ਹਾਂ ਕੁੱਕਾਂ ਨੂੰ ਪਹਿਲ ਦਿੱਤੀ ਜਾਵੇ ਜਿਨ੍ਹਾਂ ਕੋਲ ਇਸ ਸਕੀਮ ਤਹਿਤ ਪਹਿਲਾਂ ਕੰਮ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਲਾਭ ਉਨ੍ਹਾਂ ਮਿੱਡ-ਡੇ-ਮੀਲ ਕੁੱਕਾਂ ਨੂੰ ਹੋਵੇਗਾ ਜਿਨ੍ਹਾਂ ਨੂੰ ਵਿਆਹ ਜਾਂ ਕਿਸੇ ਹੋਰ ਠੋਸ ਕਾਰਨ ਕਰਕੇ ਸਕੂਲ ਬਦਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇਨ੍ਹਾਂ ਕੁੱਕਾਂ ਦੀਆਂ ਚੋਣ ਡਿਊਟੀਆਂ ਲਗਾਉਣ ਦੀ ਸੂਰਤ ਵਿਚ ਭੁਗਤਾਨ ਸਿੱਧਾ ਇਨ੍ਹਾਂ ਦੇ ਖਾਤਿਆਂ ਵਿਚ ਯਕੀਨੀ ਬਣਾਉਣ ਲਈ ਵੀ ਸਕੂਲ ਸਿੱਖਿਆ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਜਾਵੇ।
ਕੁੱਕ ਦੇ ਛੁੱਟੀ ‘ਤੇ ਚਲੇ ਜਾਣ ਦੀ ਸੂਰਤ ਵਿਚ ਮਿੱਡ-ਡੇ-ਮੀਲ ਤਿਆਰ ਕਰਨ ਵਿਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀ ਸਥਿਤੀ ਵਿਚ ਸਕੂਲ ਕਮੇਟੀਆਂ ਕੋਲ ਮੌਜੂਦ ਫੰਡਾਂ ਵਿਚੋਂ ਦਿਹਾੜੀ ਉਤੇ ਕੁੱਕ ਦਾ ਪ੍ਰਬੰਧ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮਿੱਡ-ਡੇ ਮੀਲ ਕੁੱਕਾਂ ਲਈ ਐਪਰਨ, ਟੋਪੀ, ਦਸਤਾਨੇ ਆਦਿ ਦਾ ਪ੍ਰਬੰਧ ਕਰਨ ਲਈ ਵੀ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕੀਤੀ ਜਾਵੇ।
ਮੀਟਿੰਗ ਵਿਚ ਸਕੱਤਰ, ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ, ਸਕੂਲ ਸਿੱਖਿਆ ਵਿਨੈ ਬੁਬਲਾਨੀ ਅਤੇ ਵੱਖ-ਵੱਖ ਮਿੱਡ-ਡੇ ਮੀਲ ਕੁੱਕ ਯੂਨੀਅਨਾਂ ਦੇ ਆਗੂਆਂ ਵਿਚ ਕਰਮਚੰਦ ਚਿੰਡਾਲੀਆ, ਸੁਖਦੇਵ ਰਾਮ ਸ਼ਰਮਾ ਘੋਲੀਆ, ਹਰਜਿੰਦਰ ਕੌਰ, ਪ੍ਰਵੀਨ ਸ਼ਰਮਾ, ਪ੍ਰਵੀਨ ਬਾਲਾ ਅਤੇ ਲਖਵਿੰਦਰ ਕੌਰ ਹਾਜ਼ਰ ਸਨ।