ਜਲੰਧਰ . ਕਮਿਸ਼ਨਰੇਟ ਪੁਲਿਸ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 11564 ਲੋਕਾਂ ਦੇ ਚਲਾਨ ਕਰਕੇ ਉਨਾ ਪਾਸੋਂ 51.27 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਾਉਣ ‘ਤੇ 11564 ਵਿਅਕਤੀਆਂ ਨੂੰ 51.27 ਲੱਖ ਰੁਪਏ ਦਾ ਜੁਰਮਾਨਾ ਕਰਨ ਤੋਂ ਇਲਾਵਾ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹੁਣ ਤੱਕ 40 ਵਿਅਕਤੀਆਂ ਨੂੰ 71000 ਰੁਪਏ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ ਜਨਤਕ ਥਾਵਾਂ ‘ਤੇ ਥੁੱਕਣ ਕਰਕੇ 302  ਲੋਕਾਂ ਨੂੰ 40600 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ 37968 ਟਰੈਫਿਕ ਚਲਾਨ ਕਰਕੇ 2026 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 52 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ  95000 ਰੁਪਏ ਅਤੇ 24 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 12000 ਰੁਪਏ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ 127 ਵਿਅਕਤੀਆਂ ਨੂੰ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ‘ਤੇ 2,54,000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

 ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਵਲੋਂ 217 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 218 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ ਚਲਾਨ ਕਰਕੇ 1,09000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।