ਸਮਾਜਿਕ ਦੂਰੀ ਦੀ ਉਲੰਘਣਾ ਕਰਨ ‘ਤੇ 136 ਵਿਅਕਤੀਆਂ ਨੂੰ 2.72 ਲੱਖ ਅਤੇ ਮਾਸਕ ਨਾ ਪਾਉਣ ‘ਤੇ 12239 ਲੋਕਾਂ ਨੂੰ 54.65 ਲੱਖ ਰੁਪਏ ਜੁਰਮਾਨਾ

0
424

ਜਲੰਧਰ. ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰੇਟ ਵਲੋਂ ਹੁਣ ਤੱਕ 136 ਵਿਅਕਤੀਆਂ ਨੂੰ ਸਮਾਜਿਕ ਦੂਰੀ ਦੀ ਉਲੰਘਣਾ ਕਰਨ ‘ਤੇ 2.72 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਹਿਨਣ ਵਾਲੇ 12239 ਲੋਕਾਂ ਨੂੰ 54.65 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 40 ਵਿਅਕਤੀਆਂ ਨੂੰ 71000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 302 ਵਿਅਕਤੀਆਂ ਨੂੰ 40600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਹੁਣ ਤੱਕ 38527 ਟਰੈਫਿਕ ਚਲਾਨ ਕਰਕੇ 2031 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 55 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ  102000 ਰੁਪਏ ਅਤੇ 29 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 14500 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 221 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 209 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ ਚਲਾਨ ਕਰਕੇ 104500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।