ਚੰਡੀਗੜ੍ਹ| ਪੰਜਾਬ ਵਿਚ ਇਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ‘ਤੇ ਬਣਿਆ ਦੇਸ਼ ਦਾ ਦੂਜਾ ਸੱਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਬਣੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਏ ਹਨ। ਕਰੀਬ ਗੇਟ 10 ਫੁੱਟ ਤੋਂ ਵੱਧ ਖੋਲ੍ਹ ਦਿਤੇ ਗਏ ਹਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਭਾਖੜਾ ਡੈਮ ਦੇ ਫਲੱਡ ਗੇਟ ਸੋਮਵਾਰ ਨੂੰ 12 ਫੁੱਟ ਤਕ ਖੋਲ੍ਹੇ ਗਏ ਸਨ। ਐਤਵਾਰ ਨੂੰ ਪਾਣੀ ਦਾ ਪੱਧਰ 1678 ਫੁੱਟ ਤਕ ਪਹੁੰਚ ਗਿਆ ਸੀ, ਜੋ ਸੋਮਵਾਰ ਨੂੰ ਫਲੱਡ ਗੇਟ ਖੋਲ੍ਹਣ ਤੋਂ ਬਾਅਦ 1 ਫੁੱਟ ਘੱਟ ਕੇ 1677 ਫੁੱਟ ਰਹਿ ਗਿਆ। ਜਿਸ ਤੋਂ ਬਾਅਦ ਰਾਤ ਕਰੀਬ 9 ਵਜੇ ਫਲੱਡ ਗੇਟ ਦਾ ਪੱਧਰ ਘਟ ਗਿਆ।
ਕੈਬਨਿਟ ਮੰਤਰੀ ਹਰਜੋਤ ਬੈਂਸ ਖੁਦ ਹੜ੍ਹ ਪ੍ਰਭਾਵਤ ਪਿੰਡਾਂ ਵਿਚ ਪਹੁੰਚ ਕੇ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦਸਿਆ ਕਿ ਪਿੰਡਾਂ ਵਿਚ ਰਾਤ ਵੇਲੇ ਪਾਣੀ ਦਾ ਪੱਧਰ ਘੱਟਣਾ ਸ਼ੁਰੂ ਹੋ ਗਿਆ ਹੈ। ਪਰ ਹਰਸਾ ਬੇਲਾ ਵਿਚ ਸਥਿਤੀ ਮਾੜੀ ਹੈ। ਸਥਿਤੀ ‘ਤੇ ਕਾਬੂ ਪਾਉਣ ਲਈ ਐਨ.ਡੀ.ਆਰ.ਐਫ, ਫੌਜ ਅਤੇ ਹਵਾਈ ਸੈਨਾ ਦੀ ਮਦਦ ਲਈ ਜਾ ਰਹੀ ਹੈ।
ਉਧਰ ਪ੍ਰਸ਼ਾਸਨ ਨੇ ਲੋਕਾਂ ਦੀ ਸਹੂਲਤ ਲਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸਪੈਸ਼ਲ ਡਿਊਟੀਆਂ ਲਾਈਆਂ ਹਨ, ਜੋ ਕਿ ਪਿੰਡਾਂ ‘ਚ ਤੈਅ ਸਮੇਂ ਦੌਰਾਨ ਤੈਨਾਤ ਰਹਿਣਗੇ। ਪਾਣੀ ਜ਼ਿਆਦਾ ਹੋਣ ਕਾਰਨ ਕਿਸ਼ਤੀ ਰਾਹੀਂ ਬਚਾਅ ਕਾਰਜ ਚਲਾਉਣ ‘ਚ ਮੁਸ਼ਕਲ ਆ ਰਹੀ ਹੈ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਰੋਪੜ ਵਲੋਂ ਬਚਾਅ ਕਾਰਜਾਂ ਲਈ ਹੈਲੀਕਾਪਟਰ ਦੀ ਮੰਗ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਨੂੰ ਫੌਜ ਤੋਂ ਇਹ ਸਹਾਇਤਾ ਲੈਣ ਲਈ ਲਿਖਿਆ ਗਿਆ ਹੈ।
ਹਾਲਾਤ ਥੋੜੇ ਸੁਧਰਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਹਵਾਈ ਸੈਨਾ ਅਤੇ ਫੌਜ ਨੂੰ ਹਵਾਈ ਸੈਨਾ ਦੀ ਮਦਦ ਲਈ ਕਿਹਾ ਗਿਆ। ਇਸ ਤੋਂ ਇਲਾਵਾ ਪੁਲਿਸ, ਸਿਹਤ ਵਿਭਾਗ ਅਤੇ ਡੀ.ਸੀ. ਦਫ਼ਤਰ ਅਲਰਟ ‘ਤੇ ਹਨ। ਮਾਰਸ਼ਲ ਅਕੈਡਮੀ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਗਰਾਊਂਡ ਨੂੰ ਹੈਲੀਪੈਡ ਵਜੋਂ ਵਰਤਿਆ ਜਾਵੇਗਾ। ਹਰਜੋਤ ਬੈਂਸ ਨੇ ਕਿਹਾ ਕਿ ਜਿਥੇ ਲੋਕਾਂ ਨੂੰ ਕਿਸ਼ਤੀਆਂ ਲੈ ਕੇ ਜਾਣ ਵਿਚ ਦਿੱਕਤ ਆ ਰਹੀ ਹੈ, ਉੱਥੇ ਲੋੜ ਪੈਣ ‘ਤੇ ਉਨ੍ਹਾਂ ਨੂੰ ਏਅਰ ਲਿਫਟ ਵੀ ਮੁਹੱਈਆ ਕਰਵਾਈ ਜਾਵੇਗੀ।