ਚੰਡੀਗੜ੍ਹ, 6 ਦਸੰਬਰ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ‘ਆਪ’ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਵਿਰੁੱਧ ਦਰਜ ਐਫਆਈਆਰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਫਆਈਆਰ ਕੋਵਿਡ ਪ੍ਰੋਟੋਕਾਲ ਨੂੰ ਤੋੜਨ ਲਈ 2021 ਵਿਚ ਇਨ੍ਹਾਂ ਸਾਰੇ ਨੇਤਾਵਾਂ ਵਿਰੁੱਧ ਦਰਜ ਕੀਤੀ ਗਈ ਸੀ।
ਹਾਈਕੋਰਟ ਵੱਲੋਂ ਜਿਨ੍ਹਾਂ ਆਗੂਆਂ ਨੂੰ ਰਾਹਤ ਦਿੱਤੀ ਗਈ ਹੈ, ਉਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ, ਅਰੁਣ ਨਾਰੰਗ ਤੋਂ ਇਲਾਵਾ ਭਾਜਪਾ ਦੇ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਤਰੁਣ ਚੁੱਘ, ਮਨੋਰੰਜਨ ਕਾਲੀਆ, ਜੀਵਨ ਗੁਪਤਾ, ਬਲਦੇਵ ਚਾਵਲਾ, ਤੀਕਸ਼ਣ ਸੂਦ, ਸੁਭਾਸ਼ ਸ਼ਰਮਾ, ਮਾਸਟਰ ਮੋਹਨ ਲਾਲ, ਸੁਰਜੀਤ ਕੁਮਾਰ ਜਿਆਣੀ ਅਤੇ ਕੇ.ਡੀ. ਭੰਡਾਰੀ ਦੇ ਨਾਂਅ ਸ਼ਾਮਲ ਹਨ। ਇਨ੍ਹਾਂ ਸਾਰਿਆਂ ਵਿਰੁੱਧ ਆਈਪੀਸੀ ਦੀ ਧਾਰਾ 188 ਤਹਿਤ ਵੱਖ-ਵੱਖ ਥਾਵਾਂ ’ਤੇ ਐਫਆਈਆਰ ਦਰਜ ਕੀਤੀ ਗਈ ਸੀ।