ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ

0
943

ਲੁਧਿਆਣਾ| ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਉਹਨਾਂ 27 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਆਸ਼ੂ ਨੂੰ ਸਖ਼ਤ ਸੁਰੱਖਿਆ ਵਿਚਕਾਰ ਲੁਧਿਆਣਾ ਦੀ ਅਦਾਲਤ ਵਿੱਚ ਲਿਆਂਦਾ ਗਿਆ।
ਅਦਾਲਤ ਵਿੱਚ ਵਿਜੀਲੈਂਸ ਦੇ ਵਕੀਲ ਵੱਲੋਂ ਭਾਰਤ ਭੂਸ਼ਣ ਆਸ਼ੂ ਦੇ ਸੱਤ ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਜਿਸ ਦੌਰਾਨ ਵਿਜੀਲੈਂਸ ਨੇ ਕਿਹਾ ਹੈ ਕਿ ਭਾਰਤ ਭੂਸ਼ਣ ਆਸ਼ੂ ਦੇ ਕਹਿਣ ’ਤੇ ਹੀ ਟੈਂਡਰ ਦਿੱਤੇ ਗਏ ਸਨ।

ਡਿਪਟੀ ਡਾਇਰੈਕਟਰ ਅਤੇ ਉਸ ਦੀ ਨਿੱਜੀ ਸਹਾਇਕ ਮੀਨੂੰ ਮਲਹੋਤਰਾ ਠੇਕੇਦਾਰ ਤੇਲੂ ਰਾਮ ਨਾਲ ਗੱਲਬਾਤ ਕਰਦੇ ਸਨ। ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਅਤੇ ਉਸ ਦੇ ਵਕੀਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਤੇਲੂ ਰਾਮ ਨਾਲ ਕੋਈ ਲੈਣ-ਦੇਣ ਨਹੀਂ ਹੈ ਅਤੇ ਨਾ ਹੀ ਉਹ ਉਸ ਨਾਲ ਮਿਲੇ ਹਨ। ਭਾਰਤ ਭੂਸ਼ਣ ਆਸ਼ੂ ਨੇ ਖੁਦ ਜੱਜ ਨੂੰ ਦੱਸਿਆ ਕਿ ਉਸ ਨੇ ਕੇਂਦਰ ਸਰਕਾਰ ਦੀਆਂ ਸਕੀਮਾਂ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਲਾਗੂ ਕਰਵਾਇਆ ਹੈ। ਆਸ਼ੂ ਦੇ ਵਕੀਲਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਜਦਕਿ ਉਨ੍ਹਾਂ ਦੇ ਖਿਲਾਫ ਕੋਈ ਸਬੂਤ ਨਹੀਂ ਹੈ।