ਸਾਬਕਾ ਮੰਤਰੀ ਜੋਗਿੰਦਰ ਮਾਨ ਨੂੰ ਪੰਜਾਬ ਸਰਕਾਰ ਨੇ ਦਿੱਤਾ ਕੈਬਨਿਟ ਰੈਂਕ

0
1541

ਚੰਡੀਗੜ੍ਹ/ਫਗਵਾੜਾ/ਜਲੰਧਰ | ਪੰਜਾਬ ਸਰਕਾਰ ਨੇ ਅੱਜ ਇੱਕ ਅਹਿਮ ਫ਼ੈਸਲਾ ਕਰਦਿਆਂ ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਮੌਜੂਦਾ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੂੰ ਕੈਬਨਿਟ ਰੈਂਕ ਦੇਣ ਐਲਾਨ ਕੀਤਾ ਹੈ।

ਫ਼ਗਵਾੜਾ ਤੋਂ ਤਿੰਨ ਵਾਰ ਵਿਧਾਇਕ ਰਹੇ ਸ. ਮਾਨ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਿੱਚ ਮੰਤਰੀ ਰਹਿ ਚੁੱਕੇ ਹਨ। ਟਕਸਾਲੀ ਕਾਂਗਰਸੀ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਪਦ ਤੋਂ ਹਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ। ਅੱਜ ਐਲਾਨੇ ਗਏ ਕੈਬਨਿਟ ਰੈਂਕ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਦੀ ਪਾਰਟੀ ਆਲ੍ਹਾ ਕਮਾਨ ਪ੍ਰਤੀ ਵਫ਼ਾਦਾਰੀ ਦਾ ਇਨਾਮ ਸਮਝਿਆ ਜਾ ਰਿਹਾ ਹੈ।

ਸ. ਮਾਨ ਨੇ ਪਾਰਟੀ ਹਾਈਕਮਾਨ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀਆਂ ਰਾਣਾ ਗੁਰਜੀਤ ਸਿੰਘ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਰੁਤਬੇ ਨੇ ਉਨ੍ਹਾਂ ਦੀ ਪਾਰਟੀ ਪ੍ਰਤੀ ਨਿਸ਼ਠਾ ਅਤੇ ਜਿੰਮੇਵਾਰੀ ਨੂੰ ਹੋਰ ਵਧਾ ਦਿੱਤਾ ਹੈ ਅਤੇ ਉਹ ਭਵਿੱਖ ਵਿੱਚ ਵੀ ਪਾਰਟੀ ਦੀ ਬੇਹਤਰੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਨੂੰ ਅਪਣਾ ਪ੍ਰਮ ਧਰਮ ਮੰਨ ਕੇ ਕਰਦੇ ਰਹਿਣਗੇ।