ਮੋਹਾਲੀ ‘ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਖੇ ਲੱਗਾ ਮੁਫਤ ਹੈਲਥ ਚੈੱਕਅਪ ਕੈਂਪ

0
279

ਮੋਹਾਲੀ, 16 ਫਰਵਰੀ | ਮੋਹਾਲੀ ਦੇ ਸੈਕਟਰ 62 ਵਿਚ ਸਥਿਤ ਮੁੱਖ ਦਫਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਖੇ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਗੁਰਪ੍ਰੀਤ ਸਿੰਘ (ਐਮ.ਬੀ.ਬੀ.ਐਸ., ਐਮ.ਐਸ., ਆਰਥੋ ਅਤੇ ਟਰੋਮਾ ਸਰਜਨ) ਵੱਲੋਂ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਗੈਸਟ ਹਾਊਸ ਵਿਖੇ ਲਗਾਇਆ ਗਿਆ, ਜਿਸ ਵਿਚ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਮੇਂ-ਸਮੇਂ ‘ਤੇ ਚੈਕਅਪ ਕਰਵਾਉਣਾ ਬਹੁਤ ਜ਼ਰੂਰੀ ਹੈ। ਜਾਣਕਾਰੀ ਦਿੰਦਿਆਂ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮੁਫਤ ਕੈਂਪ ਦਾ ਆਯੋਜਨ ਕਰਨ ਦਾ ਸਾਡਾ ਮੁੱਖ ਮਕਸਦ ਇਹ ਹੈ ਕਿ ਵੱਧ ਤੋਂ ਵੱਧ ਮੁਲਾਜ਼ਮਾਂ ਦੀ ਸਿਹਤ ਦੀ ਡਾਕਟਰੀ ਜਾਂਚ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਮੁਹੱਈਆ ਕਰਵਾਈਆ ਜਾ ਸਕਣ। ਇਸ ਕਰਕੇ ਉਨ੍ਹਾਂ ਵੱਲੋਂ ਕੈਂਪ ਨੂੰ ਸਫਲ ਬਣਾਉਣ ਅਤੇ ਕੈਂਪ ਲਗਾਉਣ ਦੀ ਪ੍ਰਵਾਨਗੀ ਦੇਣ ਲਈ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕੈਂਪ ਨੂੰ ਸਫਲ ਬਣਾਉਣ ਲਈ ਵਿਭਾਗ ਦੇ ਮੈਡੀਕਲ ਨੋਡਲ ਅਫਸਰ ਡਾ. ਨੀਰਜਾ ਆਨੰਦ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।

ਕੈਂਪ ਦੌਰਾਨ ਜਿਥੇ ਮੁਫਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ, ਉਥੇ ਹੀ ਵਿਭਾਗ ਦੇ ਮੁਲਾਜ਼ਮਾਂ ਦੇ ਬੋਨ ਡੈਨਸਿਟੀ, ਸ਼ੂਗਰ, ਬਲੱਡ ਪ੍ਰੈਸ਼ਰ ਆਦਿ ਦੇ ਟੈਸਟ ਵੀ ਕੀਤੇ ਗਏ। ਪੇਂਡੂ ਵਿਕਾਸ ਵਿਭਾਗ ਦੇ ਮੈਡੀਕਲ ਨੋਡਲ ਅਫਸਰ ਡਾ. ਨੀਰਜਾ ਆਨੰਦ ਨੇ ਇਸ ਮੌਕੇ ਜਿਥੇ ਡਾ. ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਮੈਡੀਕਲ ਕੈਂਪ ਲਗਾਉਣ ਲਈ ਧੰਨਵਾਦ ਕੀਤਾ, ਉਥੇ ਹੀ ਕੈਂਪ ਲਗਾਉਣ ਦੀ ਪ੍ਰਵਾਨਗੀ ਦੇਣ ਲਈ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਮਿਤ ਕੁਮਾਰ, ਆਈ.ਏ.ਐਸ. ਦਾ ਵੀ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ। ਕੈਂਪ ਵਿਚ 150 ਤੋਂ ਵੀ ਵਧੇਰੇ ਕਰਮਚਾਰੀਆਂ ਦੇ ਹੈਲਥ ਟੈਸਟ ਕੀਤੇ ਗਏ ਅਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ।